1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ ਪੰਜਾਬੀ: ਜਥੇਦਾਰ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਇਹੋ ਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ...
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ ਸੰਨ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਇਹੋ ਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ ਕਦੇ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਸ ਖ਼ਿੱਤੇ ਵਿੱਚ ਰਹਿਣ ਵਾਲੇ ਸਮੂਹ ਪੰਜਾਬੀ ਸਿੱਖ, ਹਿੰਦੂ ਤੇ ਮੁਸਲਮਾਨ ਅਗਸਤ 1947 ਨੂੰ ਪੰਜਾਬ ਦੇ ਉਜਾੜੇ ਦਾ ਸਮਾਂ ਮੰਨਦੇ ਹਨ। ਭਾਵੇਂ ਕਿ ਉਸ ਸਮੇਂ ਦੋ-ਦੇਸ਼ ਸਿਧਾਂਤ ਦੇ ਤਹਿਤ ਦੋ ਵੱਖ-ਵੱਖ ਦੇਸ਼ ਬਣ ਗਏ ਪਰ ਇਹ ਪੰਜਾਬੀਆਂ ਲਈ ਉਜਾੜੇ ਦਾ ਸਮਾਂ ਸੀ। 1947 ਵਿੱਚ ਹੋਏ ਕਤਲੇਆਮ ਵਿੱਚ 10 ਲੱਖ ਤੋਂ ਵੱਧ ਪੰਜਾਬੀ ਮਾਰੇ ਗਏ ਜਿਨ੍ਹਾਂ ਵਿੱਚ ਹਿੰਦੂ, ਮੁਸਲਮਾਨ ਤੇ ਸਿੱਖ ਵੀ ਸ਼ਾਮਲ ਸਨ।
ਜਥੇਦਾਰ ਨੇ ਕਿਹਾ ਕਿ 1947 ਵਿੱਚ ਮਾਰੇ ਗਏ ਸਮੂਹ ਪੰਜਾਬੀਆਂ ਦੀ ਯਾਦ ਵਿੱਚ ਪਿਛਲੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ 14 ਅਗਸਤ ਨੂੰ ਹੋ ਚੁੱਕੀ ਹੈ, ਜਿਸ ਦੇ ਭੋਗ 16 ਅਗਸਤ ਨੂੰ ਪੈਣਗੇ ਅਤੇ ਉਪਰੰਤ ਸੰਗਤੀ ਰੂਪ ਵਿੱਚ ਅਰਦਾਸ ਕਰਕੇ ਮਾਰੇ ਗਏ ਪੰਜਾਬੀਆਂ ਨੂੰ ਸਤਿਕਾਰ ਭੇਟ ਕਰਦਿਆਂ ਯਾਦ ਕੀਤਾ ਜਾਵੇਗਾ।
ਜਥੇਦਾਰ ਨੇ ਕਿਹਾ 1947 ਦੇ ਵਿੱਚ ਪੰਜਾਬੀਆਂ ਖ਼ਾਸਕਰ ਸਿੱਖਾਂ ਨੇ ਲਹਿੰਦੇ ਪੰਜਾਬ ਵਾਲੇ ਪਾਸੇ ਵੰਡ ਕਰਕੇ ਆਪਣੀ ਕੀਮਤੀ ਤੇ ਉਪਜਾਊ ਜ਼ਮੀਨ ਛੱਡੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ 200 ਤੋਂ ਵੱਧ ਗੁਰਧਾਮਾਂ ਦੇ ਵਿਛੋੜੇ ਦਾ ਦਰਦ ਸਹਿਣ ਕੀਤਾ । ਇਹ ਦਰਦ ਸਿੱਖਾਂ ਦੀ ਅਰਦਾਸ ਦੇ ਵਿੱਚ ਸ਼ਾਮਲ ਕੀਤਾ ਅਤੇ ਹਰ ਰੋਜ਼ ਸਿੱਖ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸ ਬੇਨਤੀ ਕਰਦੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਆਪਸੀ ਮੁਹੱਬਤ ਤੇ ਸਾਂਝੀਵਾਲਤਾ ਵਧੇ ਅਤੇ 1947 ਦੀ ਵੰਡ ਵਾਲੇ ਦਿਨ ਕਿਸੇ ਨੂੰ ਨਾ ਦੇਖਣੇ ਪੈਣ।
Advertisement
×