ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇ
ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਅਤੇ ਪੀੜਤ ਲੋਕਾਂ ਨੂੰ ਮਿਲਣ ਵਾਸਤੇ ਪੁੱਜੇ ਹਨ। ਉਨ੍ਹਾਂ ਦਾ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਾਰਟੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਉਹ ਇਥੋਂ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਕਸਬੇ ਰਮਦਾਸ ਲਈ ਰਵਾਨਾ ਹੋਏ ਹਨ, ਜਿੱਥੇ ਉਹ ਗੁਰਦੁਆਰਾ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣਗੇ ਅਤੇ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ।
ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀ ਆਗੂ ਸ਼ਾਮਲ ਸਨ। ਰਾਹੁਲ ਗਾਂਧੀ ਇਨ੍ਹਾਂ ਸਾਰੇ ਆਗੂਆਂ ਨੂੰ ਮਿਲੇ ਅਤੇ ਮੁੜ ਰਮਦਾਸ ਵਾਸਤੇ ਰਵਾਨਾ ਹੋ ਗਏ ਹਨ। ਉਹ ਰਮਦਾਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਬਾਅਦ ਵਿੱਚ ਜ਼ਿਲ੍ਹੇ ਦੇ ਹੋਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।