ਰੇਲ ਰੋਕੋ ਅੰਦੋਲਨ: ਕਿਸਾਨ ਜਥੇਬੰਦੀਆਂ ਨੇ ਚਾਰ ਘੰਟਿਆਂ ਲਈ ਕੀਤਾ ਚੱਕਾ ਜਾਮ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਵੱਲਾ ਵਿੱਚ ਰੇਲ ਪਟੜੀਆਂ ’ਤੇ ਧਰਨਾ ਦੇ ਕੇ 12 ਤੋਂ ਸ਼ਾਮ 4 ਵੱਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਰੇਲ ਆਵਾਜਾਈ ਰੋਕੇ ਜਾਣ ਕਾਰਨ ਯਾਤਰੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸੇ ਤਰ੍ਹਾਂ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਜੰਡਿਆਲਾ ਨੇੜੇ ਦੇਵੀਦਾਸਪੁਰਾ ਕੋਲ ਰੇਲ ਲਾਈਨਾਂ ’ਤੇ ਧਰਨਾ ਦਿੱਤਾ ਗਿਆ। ਪੰਜ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨ ਤਾਰਨ ਵੱਲੋਂ ਸਾਂਝੇ ਤੌਰ ’ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ’ਤੇ ਵੱਲਾ ਵਿੱਚ ਧਰਨਾ ਲਾ ਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਲਖਵਿੰਦਰ ਸਿੰਘ ਮੰਜਿਆਂਵਾਲੀ, ਗੁਰਬਾਜ਼ ਸਿੰਘ, ਰਾਜਗੁਵਿੰਦਰ ਸਿੰਘ ਲਾਡੀ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ। ਦੂਜੇ ਪਾਸੇ ਰੇਲਵੇ ਵਿਭਾਗ ਵੱਲੋਂ ਫਿਰੋਜ਼ਪੁਰ ਮੰਡਲ ਹੇਠ ਚੱਲਦੀਆਂ ਕਈ ਰੇਲਗੱਡੀਆਂ ਕਿਸਾਨ ਅੰਦੋਲਨ ਕਾਰਨ ਰੱਦ ਕੀਤੀਆਂ ਗਈਆਂ।
ਗੁਰਦਾਸਪੁਰ (ਜਤਿੰਦਰ ਬੈਂਸ): ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵੱਲੋਂ ਦਿੱਤੇ ਗਏ ‘ਰੇਲ ਰੋਕੋ ਅੰਦੋਲਨ’ ਦੇ ਸੱਦੇ ਤਹਿਤ ਗੁਰਦਾਸਪੁਰ ਰੇਲਵੇ ਸਟੇਸ਼ਨ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਹਰਵਿੰਦਰ ਸਿੰਘ ਮਸਾਣੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਪੂਰੇ ਦੇਸ਼ ਵਿੱਚ ਰਫ਼ਤਾਰ ਫੜ ਚੁੱਕਾ ਹੈ। ਇਸ ਮੌਕੇ ਸੁਖਦੇਵ ਸਿੰਘ ਭੋਜਰਾਜ, ਸਤਨਾਮ ਸਿੰਘ ਬਾਗੜੀਆਂ, ਸੋਨੂੰ ਔਲਖ, ਬਲਬੀਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਤੇ ਗੁਰਪ੍ਰੀਤ ਨਾਨੋਵਾਲ ਨੇ ਕਿਹਾ ਕਿ ਪਿੰਡਾਂ ਵਿੱਚ ਅੰਦੋਲਨ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਇਸਨੂੰ ਹੋਰ ਬੁਲੰਦ ਕਰਨ ਅਤੇ ਮੰਗਾਂ ਪ੍ਰਤੀ ਜਾਗਰੂਕਤਾ ਲਈ ਸੂਬਾ, ਜ਼ਿਲ੍ਹਾ ਅਤੇ ਜ਼ੋਨ ਪੱਧਰੀ ਪ੍ਰੋਗਰਾਮ ਬਣਾ ਕੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਲਈ ਸਾਰੀਆਂ ਫ਼ਸਲਾਂ ਦੀ ਖਰੀਦ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ, ਕਿਸਾਨਾਂ ਤੇ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹੇ ਅੰਦਰ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ’ਤੇ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਵਿੱਚ ਰੇਲ ਪਟੜੀਆਂ ’ਤੇ ਧਰਨੇ ਦੇ ਕੇ ਚਾਰ ਘੰਟਿਆਂ ਲਈ ਰੇਲ ਗੱਡੀਆਂ ਰੋਕੀਆਂ ਗਈਆਂ| ਰੇਲਾਂ ਰੋਕਣ ਵਿੱਚ ਔਰਤਾਂ ਨੇ ਵੀ ਆਗੂ ਭੂਮਿਕਾ ਅਦਾ ਕੀਤੀ| ਕਿਸਾਨਾਂ-ਮਜ਼ਦੂਰਾਂ ਨੂੰ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ ਸਿੱਧਵਾਂ, ਸੂਬਾ ਆਗੂ ਸਤਨਾਮ ਸਿੰਘ ਪੰਨੂੰ , ਜਰਨੈਲ ਸਿੰਘ ਨੂਰਦੀ, ਹਰਜਿੰਦਰ ਸਿੰਘ ਸਕਰੀ, ਨਵਤੇਜ ਸਿੰਘ ਏਕਲ ਗੱਡਾ, ਬੀਬੀ ਦਵਿੰਦਰ ਕੌਰ ਪਿਦੀ, ਬੀਬੀ ਮਨਜੀਤ ਕੌਰ ਮੋਹਨਪੁਰ ਤੇ ਕੁਲਵੰਤ ਕੌਰ ਭੋਜੀਆਂ ਨੇ ਸੰਬੋਧਨ ਕੀਤਾ|
ਜੈਂਤੀਪੁਰ (ਜਗਤਾਰ ਸਿੰਘ ਛਿੱਤ): ਕਿਸਾਨਾਂ-ਮਜ਼ਦੂਰਾਂ ਨੇ ਰੇਲਵੇ ਸਟੇਸ਼ਨ ਕੱਥੂਨੰਗਲ ’ਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਸਵਿੰਦਰ ਸਿੰਘ ਰੂਪੋਵਾਲੀ, ਜ਼ੋਨ ਸਕੱਤਰ ਸੁਖਦੇਵ ਸਿੰਘ ਕਾਜੀਕੋਟ, ਗੁਰਬਾਜ਼ ਸਿੰਘ ਭੁੱਲਰ, ਪ੍ਰੈੱਸ ਸਕੱਤਰ ਵਰਿੰਦਰ ਸਿੰਘ ਕੱਥੂਨੰਗਲ, ਅਸ਼ੋਕ ਭਾਰਤੀ, ਕੁਲਵਿੰਦਰਜੀਤ ਸਿੰਘ ਅਠਵਾਲ ਅਤੇ ਨਵਜੋਤ ਸਿੰਘ ਖਬਰਾਲੀ ਕਿਸਾਨ ਮਜ਼ਦੂਰ ਆਗੂ ਹਾਜ਼ਰ ਸਨ।
ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ): ਸੰਯੁਕਤ ਕਿਸਾਨ ਮੋਰਚਾ ਅਤੇ ਉੱਤਰੀ ਭਾਰਤ ਦੀਆਂ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਮਹਿੰਦਰ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਕੋਟਲਾ, ਸਰਬਜੀਤ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਮਾਨਾਂਵਾਲਾ ਰੇਲਵੇ ਸਟੇਸ਼ਨ ’ਤੇ ਦੁਪਹਿਰੇ 12 ਤੋਂ 4 ਵਜੇ ਤਕ ਮੁਕੰਮਲ ਰੇਲਾਂ ਦੀ ਆਵਾਜਾਈ ਬੰਦ ਕੀਤੀ ਗਈ। ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਬਚਿੱਤਰ ਸਿੰਘ ਕੋਟਲਾ, ਗੁਰਸਾਹਿਬ ਸਿੰਘ ਚਾਟੀਵਿੰਡ ਨੇ ਸੰਬੋਧਨ ਕੀਤਾ।
ਰੇਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਲੋਕ ਪ੍ਰੇਸ਼ਾਨ ਹੋਏ
ਜਲੰਧਰ (ਹਤਿੰਦਰ ਮਹਿਤਾ): ਇੱਥੇ ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਪਟੜੀ ਜਾਮ ਰੱਖੀ। ਕਿਸਾਨਾਂ ਨੇ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ’ਤੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਕਾਰਨ 100 ਤੋਂ ਵੱਧ ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਕਿਸਾਨਾਂ ਨੇ ਸ਼ਾਮ ਚਾਰ ਵਜੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਜਲੰਧਰ ਛਾਉਣੀ ਰੇਲਵੇ ਟਰੈਕ ’ਤੇ ਸੈਂਕੜੇ ਕਿਸਾਨ ਹੜਤਾਲ ’ਤੇ ਬੈਠੇ ਸਨ। ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਸ਼ਤਾਬਦੀ ਐਕਸਪ੍ਰੈਸ ਅਤੇ ਹਮਸਫਰ ਐਕਸਪ੍ਰੈਸ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਰੋਕਿਆ ਗਿਆ ਜੋ ਕਰੀਬ ਚਾਰ ਘੰਟੇ ਬਾਅਦ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਜ਼ਿਲ੍ਹਾ ਪੁਲੀਸ ਨੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਰੂਟਾਂ ਤੋਂ ਲੰਘਣ ਵਾਲੀਆਂ 100 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ। ਜੀਆਰਪੀ ਪੁਲੀਸ ਜਲਦੀ ਹੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰੇਗੀ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਰਾਏ ਨੇ ਕਿਹਾ ਕਿ ਇਹ ਧਰਨਾ ਸਰਕਾਰ ਨੂੰ ਜਗਾਉਣ ਲਈ ਹੈ।