ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਅਪਰੈਲ
ਬੀਤੀ ਰਾਤ ਅਤੇ ਅੱਜ ਸਵੇਰੇ ਹੋਈ ਹਲਕੀ ਤੋਂ ਦਰਮਿਆਨੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਬਾਰਸ਼ ਕਾਰਨ ਜਿਥੇ ਪੱਕੀ ਫਸਲ ਦੀ ਵਾਢੀ ਕੁਝ ਦਿਨ ਪਛੜੇਗੀ, ਉਥੇ ਮੰਡੀਆਂ ਵਿਚ ਆਈ ਕਣਕ ਵੀ ਭਿੱਜ ਗਈ ਹੈ। ਬੀਤੀ ਰਾਤ ਕਿਣਮਿਣ ਸ਼ੁਰੂ ਹੋਈ ਸੀ, ਜੋ ਅੱਜ ਸਵੇਰੇ ਵੀ ਜਾਰੀ ਰਹੀ ਤੇ ਬਾਅਦ ਦੁਪਹਿਰ ਮੌਸਮ ਸਾਫ ਹੋ ਗਿਆ ਅਤੇ ਧੁੱਪ ਨਿਕਲ ਆਈ। ਮੀਂਹ ਕਾਰਨ ਤਾਪਮਾਨ ਘਟਿਆ ਹੈ ਪਰ ਕਿਸਾਨਾਂ ਦੀ ਪ੍ਰੇਸ਼ਾਨੀ ਦੁੱਗਣੀ ਹੋ ਗਈ ਹੈ। ਖੇਤੀਬਾੜੀ ਵਿਭਾਗ ਮੁਤਾਬਕ ਮੀਂਹ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਫਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਵਿੱਚ ਤੇਜ਼ੀ ਆਈ ਹੈ ਅਤੇ ਤਰਪਾਲਾਂ ਦਾ ਇੰਤਜਾਮ ਕਰ ਲਿਆ ਗਿਆ ਹੈ।
ਜ਼ਿਲ੍ਹਾ ਮੰਡੀ ਅਧਿਕਾਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਣਕ ਦੀਆਂ ਢੇਰੀਆਂ ਨੂੰ ਲੋੜ ਪੈਣ ’ਤੇ ਤੁਰੰਤ ਢਕਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪਏ ਮੀਂਹ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਹੈ।
64482 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 78507 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 64482 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੀ ਗਈ ਕਣਕ ਦੀ ਕੀਮਤ ਵਜੋਂ ਕਿਸਾਨਾਂ ਨੂੰ 2 ਕਰੋੜ 89 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਿਸ਼ੀ ਰਾਜ ਮਹਿਰਾ ਨੇ ਦੱਸਿਆ ਕਿ ਬਾਰਦਾਨੇ ਦੀ ਕਮੀ ਨੂੰ ਦੂਰ ਕਰਨ ਲਈ ਇਸ ਦੀ ਮੁੜ ਵਰਤੋਂ ਲਈ 4403 ਗੱਠਾਂ ਬਾਰਦਾਨਾ ਖਰੀਦਣ ਦੀ ਮਨਜ਼ੂਰੀ ਮਿਲ ਚੁੱਕੀ ਹੈ।