Sri Ganganagar Gurdwara ਅੰਦਰ ਰਾਜਸਥਾਨ ਪੁਲੀਸ ਦੀ ਕਾਰਵਾਈ ਨਿੰਦਣਯੋਗ: Jathedar Gargaj
ਸਿੱਖ ਭਾਵਨਾਵਾਂ ਨੂੰ ਠੇਸ ਪੁੱਜਣ ਤੇ ਗੁਰਦੁਆਰਾ ਬਾਬਾ ਦੀਪ ਸਿੰਘ ਦੇ ਲੰਗਰ ਦਾ ਸਾਮਾਨ ਖਰਾਬ ਕਰਨ ਤੇ ਭੰਨਤੋੜ ਦੇ ਦੋਸ਼; ਸਿੱਖ ਆਗੂ ਦੀ ਗ੍ਰਿਫ਼ਤਾਰੀ ਦੀ ਨਿਰਪੱਖ ਜਾਂਚ ਮੰਗੀ
Rajasthan Police Gurdwara: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਇੱਕ ਗੁਰਦੁਆਰੇ ਅੰਦਰ ਰਾਜਸਥਾਨ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਦੇ ਲੰਗਰ ਵਿੱਚ ਪਏ ਖਾਣ-ਪੀਣ ਦੇ ਸਾਮਾਨ ਨੂੰ ਨੁਕਸਾਨ ਪਹੁੰਚਾਇਆ ਅਤੇ ਗੁਰਦੁਆਰਾ ਸਾਹਿਬ ਦੇ ਅੰਦਰ ਕਥਿਤ ਤੌਰ ’ਤੇ ਭੰਨਤੋੜ ਕੀਤੀ।
ਜਥੇਦਾਰ ਨੇ ਕਿਹਾ ਕਿ ਪੁਲੀਸ ਨੇ ਸਥਾਨਕ ਸਿੱਖ ਆਗੂ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਗ੍ਰਿਫ਼ਤਾਰੀ ਅਤੇ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਥਿਤ ਘਟਨਾ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਮੁੱਖ ਮੰਤਰੀ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਭੰਨਤੋੜ ਕਰਨ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਜੇ ਪੁਲੀਸ ਨੂੰ ਕੋਈ ਸਮੱਸਿਆ ਸੀ ਤਾਂ ਉਸ ਨੂੰ ਸਿੱਖ ਧਾਰਮਿਕ ਮਰਿਆਦਾ ਅਤੇ ਕਾਨੂੰਨੀ ਪ੍ਰਕਿਰਿਆ ਮੁਤਾਬਕ ਕਾਰਵਾਈ ਕਰਨੀ ਚਾਹੀਦੀ ਸੀ। ਕਿਸੇ ਸਿੱਖ ਧਾਰਮਿਕ ਸਥਾਨ ਅੰਦਰ ਦਾਖ਼ਲ ਹੋ ਕੇ ਇਸ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ ਸੀ।
ਜਥੇਦਾਰ ਨੇ ਕਿਹਾ ਕਿ ਸਿੱਖ ਕਿਸੇ ਵੀ ਸਿੱਖ ਆਗੂ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਸਰਕਾਰ ਤੋਂ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਸਿੱਖ ਵਫ਼ਦ ਨੇ ਗੰਗਾਨਗਰ ਦਾ ਦੌਰਾ ਕਰਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਜਥੇਦਾਰ ਮੁਤਾਬਕ ਵਫ਼ਦ ਨੇ ਪਾਇਆ ਕਿ ਰਾਜਸਥਾਨ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਬੇਹੱਦ ਇਤਰਾਜ਼ਯੋਗ ਸੀ।

