Rajoana's Petition: ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਨੂੰ ਪਟੀਸ਼ਨ ਵਾਪਸ ਲੈਣ ਲਈ ਹੁਕਮ ਦੇਣ ਦੀ ਅਪੀਲ
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਹੋਇਆ ਫੈਸਲਾ; ਕੇਂਦਰ ਸਰਕਾਰ ਦੇ ਅਡ਼ੀਅਲ ਵਤੀਰੇ ਕਾਰਨ ਰੋਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਵਾਪਸ ਲੈਣ ਦੇ ਫੈਸਲੇ ਬਾਰੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਦੇਸ਼ ਦੇਣ ਦੀ ਅਪੀਲ ਕੀਤੀ ਹੈ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਉਨ੍ਹਾਂ ਕਿਹਾ ਕਿ ਹੁਣ ਭਾਈ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਵਾਰ ਵਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ।
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪਰੈਲ ਤੋਂ 1 ਮਈ ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ।
ਅੰਤ੍ਰਿੰਗ ਕਮੇਟੀ ਨੇ ਸ੍ਰੀ ਆਨੰਦਪੁਰ ਸਾਹਿਬ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।

