ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 20 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਭੀਮਾ ਕੋਰੇਗਾਓਂ ਤੇ ਦਿੱਲੀ ਸਾਜ਼ਿਸ਼ੀ ਹਿੰਸਾ ਵਿਚ ਦੇਸ਼ ਧ੍ਰੋਹ ਦੇ ਕੇਸਾਂ ਤਹਿਤ ਨਾਜਾਇਜ਼ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ, ਵਕੀਲਾਂ, ਪੱਤਰਕਾਰਾਂ, ਲੇਖਕਾਂ, ਵਿਦਿਆਰਥੀ ਅਤੇ ਜਮਹੂਰੀ ਕਾਰਕੁਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਇਥੇ ਕੰਪਨੀ ਬਾਗ਼ ਵਿਖੇ ਅੱਜ ਬਾਅਦ ਦੁਪਹਿਰ ਪ੍ਰਦਰਸ਼ਨ ਕੀਤਾ। ਇਸ ਦੀ ਪ੍ਰਧਾਨਗੀ ਤਰਕਸ਼ੀਲ ਆਗੂ ਹਰਜਿੰਦਰ ਜਲਾਲਪੁਰ ਨੇ ਕੀਤੀ।
ਇਕਾਈ ਮੁਖੀ ਸੁਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਅਜਿਹੇ ਫ਼ੈਸਲੇ ਕਰ ਰਹੀ ਹੈ। ਤਰਕਸ਼ੀਲ ਆਗੂ ਜਸਪਾਲ ਬਾਸਰਕਾ ਅਤੇ ਮਨਜੀਤ ਬਾਸਰਕੇ ਨੇ ਮੌਜੂਦਾ ਜਥੇਬੰਦਕ ਕਿਸਾਨ ਅੰਦੋਲਨ ਨੂੰ ਇਤਿਹਾਸਕ ਕਰਾਰ ਦਿੱਤਾ। ਇਸ ਮੌਕੇ ਐਡਵੋਕੇਟ ਅਮਰਜੀਤ ਬਾਈ ਅਤੇ ਕਾਮਰੇਡ ਬਲਵਿੰਦਰ ਦੁਧਾਲਾ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਸੂਬਿਆਂ ਨਾਲ ਸਬੰਧਤ ਖੇਤੀ ਅਤੇ ਬਿਜਲੀ ਦੇ ਖੇਤਰਾਂ ਨੂੰ ਗੈਰ ਸੰਵਿਧਾਨਕ ਢੰਗ ਨਾਲ ਆਪਣੇ ਕਬਜ਼ੇ ਹੇਠ ਲੈ ਕੇ ਹਿੰਦੂਤਵ ਦੇ ਏਜੰਡੇ ਤਹਿਤ ਦੇਸ਼ ਦੇ ਫੈਡਰਲ ਢਾਂਚੇ ਨੂੰ ਤੋੜਨ ਦੀਆਂ ਸਾਜਿਸ਼ਾਂ ਰਚ ਰਹੀ ਹੈ।