ਬੰਦੀ ਸਿੰਘਾਂ ਦੀ ਰਿਹਾਈ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਗੁਰਦੁਆਰਿਆਂ ਵਿੱਚ ਹੋਣਗੇ ਅਰਦਾਸ ਸਮਾਗਮ
ਦੇਸ਼-ਵਿਦੇਸ਼ ਦੀ ਸਿੱਖ ਸੰਗਤ ਅਤੇ ਧਾਰਮਿਕ ਸੰਸਥਾਵਾਂ ਨੂੰ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ
ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਵਿੱਦਿਅਕ ਅਦਾਰਿਆਂ ਵਿੱਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਲੰਘੇ ਦਿਨੀਂ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10:00 ਵਜੇ ਪਾਏ ਜਾਣਗੇ।
ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ 29 ਅਗਸਤ ਨੂੰ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਨੂੰ ਅਰਦਾਸ ਸਮਾਗਮ ਕਰਵਾਉਣ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਖ਼ਾਸ ਤੌਰ ’ਤੇ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਮਲੀ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ ਅਤੇ ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰਾਂ ਦੀ ਅਣਮਨੁੱਖੀ ਪਹੁੰਚ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅੜੀ ਛੱਡਣੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

