ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ,19 ਨਵੰਬਰ
ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਤਿੰਨੇ ਖੇਤੀ ਕਾਲੇ ਕਾਨੂੰਨ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ ਤਾਂ ਜੋ 700 ਦੇ ਕਰੀਬ ਕਿਸਾਨਾਂ ਦੀ ਸ਼ਹਾਦਤ ਨਾ ਹੁੰਦੀ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣਾ ਪੰਜਾਬ ਤੇ ਪੰਜਾਬੀਅਤ ਦੀ ਇੱਕ ਵੱਡੀ ਜਿੱਤ ਹੈ। ਇਹ ਸ਼ਬਦ ਸ੍ਰੀ ਔਜਲਾ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਚੰਡੀਗੜ੍ਹ ਵਲੋਂ 68ਵਾਂ ਸਰਬ ਭਾਰਤੀ ਸਹਿਕਾਰੀ ਦਿਵਸ ਆਰਟ ਗੈਲਰੀ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੇ।ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦਾ ਮੁੱਖ ਕੰਮ ਡਿਫਾਲਟਰ ਕਿਸਾਨਾਂ ਨੂੰ ਕਰਜੇ ਤੋਂ ਰਾਹਤ ਦਿਵਾਉਣਾ ਹੈ।
ਕਿਸਾਨੀ ਸੰਘਰਸ਼ ਦੀ ਜਿੱਤ ਹੋਈ: ਸੋਨੀ
ਅੰਮ੍ਰਿਤਸਰ(ਪੱਤਰ ਪ੍ਰੇਰਕ): ਉਪ ਮੁੱਖ ਮੰਤਰੀ ਸ੍ਰੀ ਓਪੀ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਿੰਨੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ’ਤੇ ਬੈਠੇ ਕਿਸਾਨਾਂ ਦੀ ਜਿੱਤ ਹੋਈ ਹੈ । ਉਨ੍ਹਾਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ ਅਤੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਕਰੀਬ 700 ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਆਪਣੀ ਸ਼ਹੀਦੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਹ ਪਹਿਲਾਂ ਹੀ ਕਾਲੇ ਕਾਨੂੰਨ ਵਾਪਿਸ ਲੈ ਲਏ ਜਾਣੇ ਚਾਹੀਦੇ ਸਨ। ਸ੍ਰੀ ਸੋਨੀ ਨੇ ਵਾਰਡ ਨੰਬਰ 70 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਵਾਰਡ ਨੰਬਰ 70 ਵਿਖੇ ਹੀ ਗੁਰਦੁਆਰਾ ਗੁਰੂ ਨਾਨਕ ਪਰਿਵਾਰ ਨੂੰ ਹਾਲ ਦੀ ਉਸਾਰੀ ਲਈ 2.50 ਲੱਖ ਰੁਪਏ ਦਾ ਚੈਕ ਭੇਟ ਕੀਤਾ।