ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਗੁਰੂ ਦੀ ਨਗਰੀ ਦੇ ਬਾਨੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਅਕਤੂਬਰ ਨੂੰ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 10 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਅਕਾਲ ਤਖ਼ਤ ਵਿਖੇ ਸੰਪੰਨ ਹੋਵੇਗਾ। ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਅਤੇ ਸ਼ਹਿਰ ਦੇ ਮਾਰਗਾਂ ਦੀ ਲੋੜੀਂਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਆਦਿ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਨਿਗਮ ਅਤੇ ਸਿਵਲ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਐਸਡੀਐਮ ਮਨਕੰਵਲ ਸਿੰਘ ਚਾਹਲ, ਏਡੀਸੀਪੀ ਸ਼ਹਿਰੀ ਮਹਿਤਾਬ ਸਿੰਘ, ਏਸੀਪੀ ਸੁਰਿੰਦਰ ਸਿੰਘ ਆਦਿ ਮੌਜੂਦ ਸਨ। ਸ਼੍ਰੋਮਣੀ ਕਮੇਟੀ ਮੈਂਬਰ ਭਿੱਟੇਵੱਡ ਨੇ ਆਖਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਭ ਦੀ ਜ਼ਿੰਮੇਵਾਰੀ ਹੈ।