SAARC ਦੀ ਮੁੜ ਸੁਰਜੀਤੀ ਸਮੇਂ ਦੀ ਲੋੜ: ਫਾਰੂਕ ਅਬਦੁੱਲਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਫਰਵਰੀ
ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਮੁਖੀ ਡਾ. ਫਾਰੁਕ ਅਬਦੁੱਲਾ ਨੇ ਅੱਜ ਕਿਹਾ ਕਿ ਸਾਰਕ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ ਤਾਂ ਜੋ ਇਸ ਦੇ ਮੈਂਬਰ ਦੇਸ਼ ਆਪਣੀਆਂ ਸਮੱਸਿਆਵਾਂ ਮਿਲ ਬੈਠ ਕੇ ਹੱਲ ਕਰ ਸਕਣ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਪੁੱਜੇ ਸਨ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੁਝ ਕੌਮਾਂਤਰੀ ਤਾਕਤਾਂ ਜੰਮੂ ਕਸ਼ਮੀਰ ਦੇ ਮਸਲੇ ਨੂੰ ਕਾਇਮ ਰੱਖਣਾ ਅਤੇ ਸ਼ਾਂਤੀ ਸਥਾਪਿਤ ਹੋਣ ਤੋਂ ਰੋਕਣਾ ਚਾਹੁੰਦੀਆਂ ਹਨ। ਇਸ ਪਿੱਛੇ ਉਨ੍ਹਾਂ ਦੇ ਨਿੱਜੀ ਮਨਸੂਬੇ ਹਨ। ਇਹ ਤਾਕਤਾਂ ਇਸ ਏਜੰਡੇ ਹੇਠ ਆਪਣੇ ਹਥਿਆਰ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਲਗਾਤਾਰ ਵੇਚਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਸਾਰਕ ਨੂੰ ਮੁੜ ਸੁਰਜੀਤ ਕਰਨ ਦੀ ਵੱਡੀ ਲੋੜ ਹੈ ਤਾਂ ਜੋ ਇਸ ਦੇ ਮੈਂਬਰ ਦੇਸ਼ ਆਪੋ ਆਪਣੀਆਂ ਸਮੱਸਿਆਵਾਂ ਇੱਕ ਮੰਚ ’ਤੇ ਬੈਠ ਕੇ ਹੱਲ ਕਰ ਸਕਣ।
ਕਿਸਾਨਾਂ ਦੇ ਅੰਦੋਲਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ। ਅਬਦੁੱਲਾ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਖਤਮ ਹੋਇਆ ਸੀ ਤਾਂ ਸਰਕਾਰ ਨੇ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾਣਾ ਚਾਹੀਦਾ ਹੈ।
ਜੰਮੂ ਕਸ਼ਮੀਰ ਵਿੱਚ ਧਾਰਾ 370 ਖਤਮ ਕੀਤੇ ਜਾਣ ਤੋਂ ਬਾਅਦ ਇਸ ਦੇ ਦਰਜੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਇਸ ਨੂੰ ਯੂਟੀ ਤੱਕ ਸੀਮਤ ਕਰ ਦਿੱਤਾ ਗਿਆ ਹੈ। ਇਸ ਨੂੰ ਸੂਬੇ ਦਾ ਦਰਜਾ ਮਿਲਣਾ ਚਾਹੀਦਾ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਸੂਬਿਆਂ ਨੂੰ ਵਧੇਰੇ ਅਧਿਕਾਰ ਮਿਲਣੇ ਚਾਹੀਦੇ ਹਨ। ਜੇਕਰ ਦੇਸ਼ ਇੱਕ ਜੁੱਟ ਰਹੇਗਾ ਤਾਂ ਹੀ ਬਾਹਰਲੀਆਂ ਮੁਸੀਬਤਾਂ ਦਾ ਇਕਜੁੱਟ ਹੋ ਕੇ ਸਾਹਮਣਾ ਕਰ ਸਕੇਗਾ।
ਉਨ੍ਹਾਂ ਅਮਰੀਕਾ ਵੱਲੋਂ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਨੀਤੀ ਦੀ ਸਖਤ ਆਲੋਚਨਾ ਕੀਤੀ ਹੈ। ਅਮਰੀਕਾ ਵੱਲੋਂ ਭਾਰਤ ਨੂੰ ਫੰਡਿੰਗ ਕੀਤੇ ਜਾਣ ਸਬੰਧੀ ਬਿਆਨ ਨੂੰ ਵੀ ਉਨ੍ਹਾਂ ਗੁੰਮਰਾਹਕੁਨ ਕਰਾਰ ਦਿੱਤਾ ਹੈ।