DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਅਦਬੀ: ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਅਕਾਲ ਤਖ਼ਤ ’ਤੇ ਪੇਸ਼ ਹੋਣ ਦੇ ਆਦੇਸ਼

ਅਕਾਲ ਤਖ਼ਤ ਦੇ ਸਕੱਤਰੇਤ ਨੇ ਭਾਸ਼ਾ ਵਿਭਾਗ ਨੂੰ ਭੇਜਿਆ ਪੱਤਰ
  • fb
  • twitter
  • whatsapp
  • whatsapp
Advertisement
ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅਕਾਲ ਤਖ਼ਤ ਵਿਖੇ ਆਪਣਾ ਪੱਖ ਰੱਖਣ ਵਾਸਤੇ ਇੱਕ ਸਤੰਬਰ ਨੂੰ ਨਿੱਜੀ ਰੂਪ ’ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਇੱਕ ਪੱਤਰ ਅੱਜ ਡਾਇਰੈਕਟਰ ਭਾਸ਼ਾ ਵਿਭਾਗ ਨੂੰ ਭੇਜਿਆ ਗਿਆ ਹੈ।

ਇਹ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਭੇਜਿਆ ਗਿਆ ਹੈ, ਜਿਸ ਵਿੱਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਬਾਰੇ ਜਾਣੂ ਕਰਾਇਆ ਗਿਆ ਹੈ।

Advertisement

ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਵੱਲੋਂ 24 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਸ੍ਰੀਨਗਰ ਸਥਿਤ ਟੈਗੋਰ ਹਾਲ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ ਸੀ।

ਇਸ ਦੌਰਾਨ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਫਲਸਫੇ ਖ਼ਿਲਾਫ਼ ਪ੍ਰੋਗਰਾਮ ਵਿੱਚ ਨਾਚ ਗਾਣਾ ਅਤੇ ਮਨੋਰੰਜਨ ਕੀਤਾ ਗਿਆ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਸੀ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸਿੱਖ ਸੰਗਤ ਵੱਲੋਂ ਸ਼ਿਕਾਇਤਾਂ ਪੁੱਜ ਰਹੀਆਂ ਹਨ ਇਸੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਦੌਰਾਨ ਉਹ ਵਿਦੇਸ਼ ਚਲੇ ਗਏ ਸਨ ਅਤੇ ਹੁਣ ਪਰਤੇ ਹਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਪੱਤਰ ਭੇਜ ਕੇ ਇੱਕ ਸਤੰਬਰ ਨੂੰ ਸਵੇਰੇ 10 ਵਜੇ ਨਿੱਜੀ ਰੂਪ ਵਿੱਚ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੁੱਜ ਕੇ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਤੋਂ ਤਨਖਾਹ ਲਾਈ ਜਾ ਚੁੱਕੀ ਹੈ ਅਤੇ ਉਨ੍ਹਾਂ ਆਪਣੀ ਤਨਖਾਹ ਪੂਰੀ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਵਾ ਚੁੱਕੇ ਹਨ। ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਵੀ ਖਿਮਾ ਯਾਚਨਾ ਦੀ ਅਪੀਲ ਕਰ ਚੁੱਕੇ ਹਨ।

Advertisement
×