ਬੇਅਦਬੀ: ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਅਕਾਲ ਤਖ਼ਤ ’ਤੇ ਪੇਸ਼ ਹੋਣ ਦੇ ਆਦੇਸ਼
ਇਹ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਭੇਜਿਆ ਗਿਆ ਹੈ, ਜਿਸ ਵਿੱਚ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਬਾਰੇ ਜਾਣੂ ਕਰਾਇਆ ਗਿਆ ਹੈ।
ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਵੱਲੋਂ 24 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਸ੍ਰੀਨਗਰ ਸਥਿਤ ਟੈਗੋਰ ਹਾਲ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ ਸੀ।
ਇਸ ਦੌਰਾਨ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਫਲਸਫੇ ਖ਼ਿਲਾਫ਼ ਪ੍ਰੋਗਰਾਮ ਵਿੱਚ ਨਾਚ ਗਾਣਾ ਅਤੇ ਮਨੋਰੰਜਨ ਕੀਤਾ ਗਿਆ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਵੱਡੀ ਸੱਟ ਵੱਜੀ ਸੀ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸਿੱਖ ਸੰਗਤ ਵੱਲੋਂ ਸ਼ਿਕਾਇਤਾਂ ਪੁੱਜ ਰਹੀਆਂ ਹਨ ਇਸੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਦੌਰਾਨ ਉਹ ਵਿਦੇਸ਼ ਚਲੇ ਗਏ ਸਨ ਅਤੇ ਹੁਣ ਪਰਤੇ ਹਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਪੱਤਰ ਭੇਜ ਕੇ ਇੱਕ ਸਤੰਬਰ ਨੂੰ ਸਵੇਰੇ 10 ਵਜੇ ਨਿੱਜੀ ਰੂਪ ਵਿੱਚ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੁੱਜ ਕੇ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਤੋਂ ਤਨਖਾਹ ਲਾਈ ਜਾ ਚੁੱਕੀ ਹੈ ਅਤੇ ਉਨ੍ਹਾਂ ਆਪਣੀ ਤਨਖਾਹ ਪੂਰੀ ਕਰਨ ਮਗਰੋਂ ਖਿਮਾ ਯਾਚਨਾ ਦੀ ਅਰਦਾਸ ਕਰਵਾ ਚੁੱਕੇ ਹਨ। ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਵੀ ਖਿਮਾ ਯਾਚਨਾ ਦੀ ਅਪੀਲ ਕਰ ਚੁੱਕੇ ਹਨ।