ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਆਖਿਆ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ ਤੋਂ ਬਾਅਦ ਲੋਕਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਯਤਨ ਕੀਤੇ ਜਾਣਗੇ। ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਆਟਾ ਦਾਲ ਸਕੀਮ ਤੇ ਹੋਰ ਯੋਜਨਾਵਾਂ ਨੂੰ ਪਹਿਲੇ ਦਿਨ ਤੋਂ ਹੀ ਲਾਗੂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਲਈ ਅੱਜ ਇੱਥੇ ਹਰਿਮੰਦਰ ਸਾਹਿਬ ਸਮੂਹ ਵਿੱਚ
ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਪੰਜ ਸਾਲਾਂ ਦੌਰਾਨ ਕਾਂਗਰਸ ਦੀ ਸਰਕਾਰ ਨੇ ਲੋਕਾਂ ਦਾ ਸਮਾਂ ਬਰਬਾਦ ਕੀਤਾ ਹੈ ਤੇ ਸੂਬੇ ਵਿਚ ਕੋਈ ਤਰੱਕੀ ਨਹੀਂ ਹੋਈ। ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਆ ਕੇ ਕੀਤੇ ਜਾ ਰਹੇ ਐਲਾਨ ਅਤੇ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਬਾਰੇ ਉਨ੍ਹਾਂ ਕਿਹਾ ਉਹ ਇਹ ਗਾਰੰਟੀਆਂ ਪਹਿਲਾਂ ਦਿੱਲੀ ਵਿਚ ਲਾਗੂ ਕਰਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਐੱਮਐੱਸਪੀ ਬਾਰੇ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਸੰਘਰਸ਼ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ 85 ਤੋਂ ਵੱਧ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।