ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਗਸਤ
ਵਿਜੀਲੈਂਸ ਬਿਊਰੋ ਨੇ ਏ.ਡੀ.ਏ. ਦੇ ਦਫਤਰ ਪੁੱਡਾ ਭਵਨ ਵਿੱਚ ਤਾਇਨਾਤ ਸੇਵਾਦਾਰ ਨੂੰ 12 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸੇ ਕੇਸ ਵਿੱਚ ਪੁੱਡਾ ਦਾ ਐੱਸਡੀਓ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐੱਸ.ਡੀ.ਓ. ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੌਰਭ ਭਾਟੀਆ ਵਾਸੀ ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਕੀਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿਤ ਉਸ ਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਐੱਸ.ਡੀ.ਓ. ਉਸ ਕੋਲੋਂ 12 ਹਜ਼ਾਰ ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਡੀ.ਏ., ਪੁੱਡਾ ਭਵਨ, ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁੱਦਈ ਤੋਂ ਉਸ ਦਾ ਕੰਮ ਕਰਾਉਣ ਬਦਲੇ 12 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਐੱਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰ ਕੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ। ਉਸ ਦੀ ਗ੍ਰਿਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕੇਸ ਵਿੱਚ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਕੇਸ ਦਰਜ ਕਰ ਲਿਆ ਹੈ।