ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਨਵੰਬਰ
ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਕਾਂਗਰਸੀ ਆਗੂਆਂ ਖ਼ਿਲਾਫ਼ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਨੇ ਡੇਰਾ ਸਿਰਸਾ ਦੀ ਨਾਮ ਚਰਚਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਇਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਦੋਸ਼ ਲਾਇਆ ਕਿ ਡੇਰਾ ਸਿਰਸਾ ਦੇ ਨਾਮ ਚਰਚਾ ਪ੍ਰੋਗਰਾਮ ਵਿੱਚ ਕਈ ਉੱਘੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਰੋਜ਼ਪੁਰ ਤੋਂ ਕਾਂਗਰਸੀ ਆਗੂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਡੇਰਾ ਸਿਰਸਾ ਦੇ ਨਾਮ ਚਰਚਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਡੇਰਾ ਸਿਰਸਾ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ।