ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਜੂਨ
ਟੋਕੀਓ ਵਿੱਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਜ਼ਿਲ੍ਹੇ ਦੇ ਪੰਜ ਹਾਕੀ ਖਿਡਾਰੀ ਭਾਰਤੀ ਟੀਮ ਵਾਸਤੇ ਚੁਣੇ ਗਏ ਹਨ। ਜਿਨ੍ਹਾਂ ਵਿੱਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਭਾਰਤੀ ਟੀਮ ਲਈ ਚੁਣੇ ਗਏ ਇਨ੍ਹਾਂ ਪੰਜ ਹਾਕੀ ਖਿਡਾਰੀਆਂ ਵਿਚ ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਜੀਤ ਕੌਰ ਸ਼ਾਮਲ ਹਨ। ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡਿਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਖਿਡਾਰੀਆਂ ਨੂੰ ਵਧਾਈ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸਮਾਗਮ ਵਿੱਚ ਇਨ੍ਹਾਂ ਖਿਡਾਰੀਆਂ ਦੇ ਮਾਪੇ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਹ ਪੰਜ ਖਿਡਾਰੀ ਹਾਕੀ ਟੀਮ ਲਈ ਚੁਣੇ ਗਏ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ। ਇਸ ਤੋਂ ਪਹਿਲਾਂ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਲਈ ਜਾਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ਵਿੱਚ ਤਗਮੇ ਜਿੱਤ ਕੇ ਘਰ ਪਰਤਣਗੇ। ਉਨ੍ਹਾਂ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਸੌਂਪੇ।