ਪੱਤਰ ਪ੍ਰੇਰਕ
ਅੰਮ੍ਰਿਤਸਰ, 6 ਅਪਰੈਲ
ਖ਼ਾਲਸਾ ਕਾਲਜ ਫ਼ਾਰ ਵਿਮੈਨ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਆਈਸੀਐੱਸਐੱਸਆਰ ਦੇ ਸਹਿਯੋਗ ਨਾਲ ‘ਖੇਤੀਬਾੜੀ ਸਥਿਰਤਾ ਅਤੇ ਪੇਂਡੂ ਵਿਭਿੰਨਤਾ : ਦ੍ਰਿਸ਼ਟੀਕੋਣ ਅਤੇ ਚੁਣੌਤੀਆਂ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕੁੰਜੀਵਤ ਭਾਸ਼ਣ ਦਿੰਦਿਆਂ ਕਿਹਾ ਕਿ ਖੇਤੀ ਬਾੜੀ ਨੂੰ ਦਰਪੇਸ਼ ਸੰਕਟ ਸਿਰਫ਼ ਕਿਸਾਨਾਂ ਦਾ ਸੰਕਟ ਨਹੀਂ ਸਗੋਂ ਖੇਤੀ ਨਾਲ ਜੁੜੇ ਹਰ ਸਮੂਹ ਦਾ ਸੰਕਟ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਜ਼ਹਿਰੀਲੇ ਤੱਤਾਂ ਦੀ ਭਰਮਾਰ ’ਤੇ ਚਿੰਤਾ ਜ਼ਾਹਿਰ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਨੇ ਪੇਂਡੂ ਖੇਤਰਾਂ ਵਿਚ ਜ਼ਮੀਨੀ ਪੱਧਰ ’ਤੇ ਵਿਚਰ ਕੇ ਬੁਨਿਆਦੀ ਸੁਧਾਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ, ਡਾ. ਅਨੁਪਮਾ ਨੇ ਖੇਤੀ ਵਿਚ ਵਿਭਿੰਨਤਾ ਲਿਆਉਣ ’ਤੇ ਜ਼ੋਰ ਦਿੱਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਦੀ ਅਸਿਸਟੈਂਟ ਪ੍ਰੋਫ਼ੈਸਰ ਡਾ. ਬਲਜੀਤ ਕੌਰ ਨੇ ਆਰਗੈਨਿਕ ਖੇਤੀ ਦੀ ਗੱਲ ਕੀਤੀ। ਯੂਨੀਵਰਸਿਟੀ ਦੇ ਪੋਲਿਟੀਕਲ ਸਾਇੰਸ ਦੇ ਐਸੋਸੀਏਟ ਪ੍ਰੋਫ਼ੈਸਰ ਤੇ ਮੁਖੀ ਡਾ. ਸਤਨਾਮ ਸਿੰਘ ਦਿਉਲ ਨੇ ਸਰਕਾਰ ਨੂੰ ਪੰਜਾਬ ’ਚ ਐਗਰੋ ਇੰਡਸਟਰੀ ਸਥਾਪਤ ਕਰਨ ਦੀ ਅਪੀਲ ਕੀਤੀ। ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।