ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 11 ਸਤੰਬਰ
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਮੁਹਾਲੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਵੀ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 34 ਬੈਂਚ ਬਣਾਏ ਗਏ ਸਨ। ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 5871 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕੀਤਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਅੱਜ ਜ਼ਿਲ੍ਹੇ ਵਿੱਚ ਇਸ ਸਾਲ ਦੀ ਚੌਥੀ ਲੋਕ ਅਦਾਲਤ ਦੌਰਾਨ ਕੁੱਲ 2422 ਕੇਸਾਂ ਦੀ ਸੁਣਵਾਈ ਕਰਦੇ ਹੋਏ 1326 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਨਾਲ-ਨਾਲ 15,40,11,137 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਰਾਸ਼ਟਰੀ ਲੋਕ ਅਦਾਲਤ ਵਿਚ 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ (ਪੈਡਿੰਗ ਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਅਤੇ ਲੇਬਰ ਡਿਸਪਿਊਟ ਮਾਮਲੇ) ਐਮ.ਏ.ਸੀ.ਟੀ. ਮਾਮਲੇ, ਬਿਜਲੀ ਤੇ ਪਾਣੀ ਬਿੱਲ (ਐਕਸਕਲਿਊਡਿੰਗ ਨਾਨ ਕੰਪਾਊਂਡੇਬਲ), ਵਿਆਹ ਮਾਮਲੇ, ਟਰੈਫਿਕ ਚਲਾਨ ਅਤੇ ਹੋਰ ਸਿਵਲ ਮਾਮਲਿਆਂ ਦੇ ਕੇਸ ਰੱਖੇ ਗਏ।
ਤਰਨ ਤਾਰਨ (ਗੁਰਬਖਸ਼ਪੁਰੀ): ਕੌਮੀ ਕਾਨੂੰਨੀਂ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤੇ ਅੱਜ ਜ਼ਿਲ੍ਹੇ ਅੰਦਰ ਲਗਾਈ ਗਈ ਲੋਕ ਅਦਾਲਤ ਵਿੱਚ 1382 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਨਿਗਰਾਨੀ ਹੇਠ ਇਸ ਸਬੰਧੀ ਕੁੱਲ 13 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿੱਚੋਂ ਨੌਂ ਬੈਂਚ ਤਰਨ ਤਾਰਨ ਵਿੱਚ, ਤਿੰਨ ਪੱਟੀ ਅਤੇ ਇਕ ਬੈਂਚ ਖਡੂਰ ਸਾਹਿਬ ਵਿੱਚ ਲਗਾਇਆ ਗਿਆ। ਸਿਵਲ ਜੱਜ-ਕਮ ਜ਼ਿਲ੍ਹਾ ਸੈਕਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਬੀਰ ਸਿੰਘ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁਲ 4508 ਵਿਚਾਰੇ ਜਾਣ ਲਈ ਆਏ ਅਤੇ ਇਨ੍ਹਾਂ ਕੇਸਾਂ ਦਾ ਨਬਿੇੜਾ ਕਰਦਿਆਂ 8,46,24,057 ਰੁਪਏ ਦੀ ਰਿਕਵਰੀ ਕੀਤੀ ਗਈ।
ਬਜ਼ੁਰਗ ਜੋੜੇ ਦਾ ਘਰ ਵਸਾਇਆ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਤੇ ਸੈਸ਼ਨਜ਼-ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜਲੰਧਰ ਵਿਚ 18, ਨਕੋਦਰ ਵਿੱਚ 3 ਅਤੇ ਫਿਲੌਰ ਵਿੱਚ 1 ਕੁੱਲ 21 ਬੈਂਚ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਉਪਰੋਕਤ ਸ਼੍ਰੇਣੀਆਂ ਨਾਲ ਸਬੰਧਤ ਕੁੱਲ 7525 ਕੇਸ ਸੁਣਵਾਈ ਲਈ ਰੱਖੇ ਗਏ ਸਨ। ਜਿਨ੍ਹਾਂ ਵਿੱਚੋਂ 369 ਕੇਸਾਂ ਦਾ ਨਿਪਟਾਰਾ ਮੌਕੇ ’ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ। ਇਨ੍ਹਾਂ ਕੇਸਾਂ ਵਿੱਚ ਕੁੱਲ 26 ਕਰੋੜ 2 ਲੱਖ 89 ਹਜ਼ਾਰ 295 ਰੁਪਏ ਦੇ ਝਗੜਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਦੀ ਖਾਸੀਅਤ ਇਹ ਰਹੀ ਕਿ ਇੱਕ 61 ਸਾਲਾ ਔਰਤ ਦੇ ਤਲਾਕ ਦੇ ਕੇਸ ਵਿੱਚ ਅਦਾਲਤ ਦੀਆਂ ਕੋਸ਼ਿਸ਼ਾਂ ਸਦਕਾ ਦੋਵੇਂ ਧਿਰਾਂ ਮੁੜ ਤੋਂ ਇਕੱਠੇ ਰਹਿਣ ਲਈ ਰਾਜ਼ੀ ਹੋ ਗਈਆਂ।