DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

  • fb
  • twitter
  • whatsapp
  • whatsapp
Advertisement
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਅਰਦਾਸ ਕਰਨ ਵਾਸਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੇ ਭੋਗ 29 ਅਗਸਤ ਨੂੰ ਪੈਣਗੇ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਪਰ ਇਸ ਮਾਮਲੇ ਵਿੱਚ ਸਰਕਾਰਾਂ ਦੀ ਪਹੁੰਚ ਹਮੇਸ਼ਾ ਨਾਕਰਾਤਮਕ ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਕੌਮੀ ਭਾਵਨਾਵਾਂ ਅਨੁਸਾਰ ਵਿਚਾਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ।

ਸ੍ਰੀ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਸ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਵਿਦਿਅਕ ਅਦਾਰਿਆਂ ਵਿੱਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵਿੱਚ ਸ਼ਾਮਲ ਹੋਣ।
Advertisement
Advertisement
×