ਸ੍ਰੀ ਅਕਾਲ ਤਖ਼ਤ ਅਤੇ ਸਰਕਾਰ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ SGPC ਨੇ ਅੰਤ੍ਰਿਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਅਤੇ ਕਥਿਤ ਵੀਡੀਓ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਕਾਰ ਵਿਚਾਲੇ ਬਣੇ ਟਕਰਾਅ ਵਾਲੇ ਮਾਹੌਲ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼...
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਅਤੇ ਕਥਿਤ ਵੀਡੀਓ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਕਾਰ ਵਿਚਾਲੇ ਬਣੇ ਟਕਰਾਅ ਵਾਲੇ ਮਾਹੌਲ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਭਲਕੇ 20 ਜੂਨ ਨੂੰ ਹੋਣ ਜਾ ਰਹੀ ਹੈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਦੀ ਪ੍ਰੋੜਤਾ ਕਰਨ, ਇਸ ਨੂੰ ਅਮਲ ਵਿੱਚ ਲਿਆਉਣ ਅਤੇ ਹੋਰ ਅਗਲੇਰੀ ਕਾਰਵਾਈ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 20 ਜੂਨ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਐਕਟ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਸਰਕਾਰ ਦੀ ਸਮੁੱਚੀ ਕੈਬਨਿਟ ਅਤੇ ਸਾਰੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਵਿਧਾਇਕਾਂ ਨੂੰ ਪੱਤਰ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੱਦਿਆ ਗਿਆ ਸੀ।
ਇਸ ਤੋਂ ਇਲਾਵਾ ਕਥਿਤ ਵੀਡੀਓ ਦਾ ਮਾਮਲਾ ਵੀ ਕਾਫੀ ਭੱਖਿਆ ਹੋਇਆ ਹੈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਗੁਰੂ ਦੋਖੀ' ਅਤੇ 'ਪੰਥ ਵਿਰੋਧੀ' ਕਰਾਰ ਦਿੱਤਾ ਗਿਆ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਤੋਂ ਬਾਹਰਲੀਆਂ ਪ੍ਰਮੁੱਖ ਲੈਬਾਰਟਰੀਆਂ ਤੋਂ ਕਰਵਾਈ ਗਈ ਫ਼ੋਰੈਂਸਿਕ ਜਾਂਚ (Forensic Examination) ਵਿੱਚ ਇਹ ਸਾਬਤ ਹੋ ਗਿਆ ਹੈ ਕਿ ਉਕਤ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ ਹੈ।
