DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਲਈ SGPC ਵੱਲੋਂ ਕਮੇਟੀ ਕਾਇਮ

SGPC forms committee to probe attack on Sukhbir Badal; ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਹੋਇਆ ਫ਼ੈਸਲਾ; ਐਡਵੋਕੇਟ ਧਾਮੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ
  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ  ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੇਠ ਹੋਈ ਮੀਟਿੰਗ।
Advertisement
ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 9 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ  ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ ਸ਼ਾਂਤਮਈ ਤੇ ਰੂਹਾਨੀ ਵਾਤਾਵਰਨ ਨੂੰ ਭੰਗ ਕਰਨ ਦੀ ਕਰੜੀ ਨਿੰਦਾ ਕਰਦਿਆਂ, ਦੋਸ਼ੀ ਨੂੰ ਪੰਥ ਵਿੱਚੋਂ ਛੇਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ।
ਇਸ ਇੱਕ ਨੁਕਾਤੀ ਏਜੰਡੇ ’ਤੇ ਸੱਦੀ ਗਈ ਇਸ ਮੀਟਿੰਗ  ਦੌਰਾਨ ਉਕਤ ਮਾਮਲੇ ਦਾ ਨੋਟਿਸ ਲੈਂਦਿਆਂ ਇੱਕ ਵਿਸ਼ੇਸ਼ ਨਿੰਦਾ ਮਤਾ ਪਾਸ ਕਰਕੇ ਜਿੱਥੇ ਸਾਰੇ ਮਾਮਲੇ ਦੀ ਪੜਤਾਲ ਵਾਸਤੇ ਇੱਕ ਕਮੇਟੀ ਬਣਾਈ ਗਈ ਹੈ, ਉੱਥੇ ਹੀ ਇਸ ਘਟਨਾ ਨੂੰ ਡੂੰਘੀ ਸਾਜ਼ਿਸ਼ ਵੀ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਸ ਕੀਤਾ ਗਿਆ ਮਤਾ ਸੌਂਪਿਆ ਅਤੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ।
ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਬੀਤੇ ਦਿਨੀਂ ਲੱਗੀ ਸੇਵਾ ਨਿਭਾਅ ਰਹੇ  ਸੁਖਬੀਰ ਸਿੰਘ ਬਾਦਲ ਉੱਤੇ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ’ਤੇ ਗੋਲੀ ਲੱਗਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਨਾਲ ਸੰਗਤ ਅੰਦਰ ਡਰ ਦਾ ਮਾਹੌਲ ਵੀ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਤੌਹੀਨ ਹੋਣ ਦੇ ਨਾਲ ਨਾਲ ਮੀਰੀ ਪੀਰੀ ਦੇ ਸਿਧਾਂਤ, ਪੰਥਕ ਮਾਣ ਮਰਿਆਦਾ ਅਤੇ ਸਿੱਖ ਮਾਨਤਾਵਾਂ ’ਤੇ ਵੀ ਸੱਟ ਹੈ।
ਇਹ ਵੀ ਪੜ੍ਹੋ:
ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦਾ ਕਰੜਾ ਨੋਟਿਸ ਲੈਂਦਿਆਂ ਬਹੁਸੰਮਤੀ ਨਾਲ ਨਿੰਦਾ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਮੰਗੀ ਹੈ।  ਅੰਤ੍ਰਿੰਗ ਕਮੇਟੀ ਨੇ ਦੋਸ਼ੀ ਵਿਅਕਤੀ ਤੋਂ ਇਲਾਵਾ ਇਸ ਘਟਨਾ ਵਿੱਚ ਸ਼ਾਮਲ ਹੋਰ ਪੰਥ ਦੋਖੀਆਂ ਅਤੇ ਸਾਜ਼ਿਸ਼ਕਾਰਾਂ, ਸੁਰੱਖਿਆ ਵਿੱਚ ਖਾਮੀਆਂ, ਅੰਦਰੂਨੀ ਤੇ ਬਾਹਰੀ ਮਿਲੀਭੁਗਤ ਦੇ ਨਾਲ-ਨਾਲ ਪੁਲੀਸ  ਤੇ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੀ ਘੋਖ ਦੀ ਲੋੜ ਨੂੰ ਵੀ ਮਹਿਸੂਸ ਕੀਤਾ ਹੈ।
ਇਸ ਵਾਸਤੇ ਮੁਕੰਮਲ ਪੜਤਾਲ ਲਈ  ਰਘੂਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ,  ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ,  ਸੁਖਹਰਪ੍ਰੀਤ ਸਿੰਘ ਰੋਡੇ ਅੰਤ੍ਰਿੰਗ ਮੈਂਬਰ,  ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਅਤੇ  ਪ੍ਰਤਾਪ ਸਿੰਘ ਸਕੱਤਰ (ਕੋਆਰਡੀਨੇਟਰ) ਦੇ ਅਧਾਰਿਤ ਇੱਕ ਕਮੇਟੀ ਬਣਾਈ ਗਈ ਹੈ ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਣ ਸਤਿਕਾਰ ਨੂੰ ਲੱਗੀ ਢਾਹ ਦੇ ਮੱਦੇਨਜ਼ਰ ਇਸ ਮਾਮਲੇ ਵਿੱਚ ਦੋਸ਼ੀ ਖਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਪੰਥ ਵਿੱਚੋਂ ਛੇਕਣ।
Advertisement
Advertisement
×