SGPC: ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਦਾਇਰ ਪਟੀਸ਼ਨ ਵਾਪਸ ਲੈਣ ਦਾ ਫੈਸਲਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ , 30 ਜੂਨ
ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਕਾਰਨ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀ ਉਨ੍ਹਾਂ ਖਦਸ਼ਾ ਪ੍ਰਗਟਾਇਆ ਸੀ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਅਹੁਦੇ ਨੂੰ ਅਤੇ ਰੁਤਬੇ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਜਿਸ ਵਾਸਤੇ ਉਨ੍ਹਾਂ ਅਗਾਊਂ ਢੁਕਵੀ ਤੇ ਲੋੜੀਂਦੀ ਕਾਰਵਾਈ ਦੀ ਅਪੀਲ ਕੀਤੀ ਸੀ। ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਸੀ, ਜਿਸ ਦਾ ਬੀਤੇ ਕੱਲ੍ਹ ਖੁਲਾਸਾ ਹੋਣ ਤੋਂ ਬਾਅਦ ਸਿੱਖ ਜਗਤ ਵਿੱਚ ਇਸ ਦੀ ਭਰਵੀਂ ਚਰਚਾ ਹੋ ਰਹੀ ਸੀ। ਸਿੱਖ ਜਗਤ ਵੱਲੋਂ ਇਸ ਮਾਮਲੇ ਵਿੱਚ ਉਨ੍ਹਾਂ ਦੀ ਇਹ ਕਹਿ ਕੇ ਆਲੋਚਨਾ ਕੀਤੀ ਜਾ ਰਹੀ ਸੀ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਅਹੁਦੇ ’ਤੇ ਰਹੇ ਵਿਅਕਤੀ ਵੱਲੋਂ ਅਹੁਦੇ ਦੇ ਮਾਮਲੇ ਵਿੱਚ ਦੁਨਿਆਵੀ ਅਦਾਲਤ ਦਾ ਆਸਰਾ ਲਿਆ ਜਾ ਰਿਹਾ ਹੈ ਜੋ ਕਿ ਸਿੱਖ ਸਿਧਾਂਤਾਂ ਤੇ ਪਰੰਪਰਾਵਾਂ ਦਾ ਵੱਡਾ ਘਾਣ ਹੈ। ਅੱਜ ਇਸ ਮਾਮਲੇ ਵਿੱਚ ਉਨ੍ਹਾਂ ਯੂ ਟਰਨ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਆਪਣੀ ਇਸ ਪਟੀਸ਼ਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਜਾਰੀ ਕੀਤੇ ਇੱਕ ਵੀਡੀਓ ਸੁਨੇਹੇ ਰਾਹੀ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਦੇ ਵੀ ਇਨ੍ਹਾਂ ਅਹੁਦਿਆਂ ਅਤੇ ਸੰਸਥਾਵਾਂ ਦੇ ਮਾਣ ਸਨਮਾਨ ਨੂੰ ਢਾਹ ਲਾਉਣ ਬਾਰੇ ਨਹੀਂ ਸੋਚਿਆ ਹੈ।