ਵਿਵਾਦਤ ਵੀਡੀਓ ਮਾਮਲੇ 'ਚ DGP ਨੂੰ ਮਿਲੇਗਾ SGPC ਦਾ ਵਫ਼ਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਮੁੱਖ ਮੰਤਰੀ ਦੀ ਕਥਿਤ ਵੀਡੀਓ ਮਾਮਲੇ ਵਿੱਚ ਜਲਦੀ ਹੀ ਪੰਜਾਬ ਦੇ ਡੀ ਜੀ ਪੀ ਨੂੰ ਮਿਲੇਗਾ। ਵਫ਼ਦ ਵੱਲੋਂ ਗੁਰੂਗ੍ਰਾਮ ਵਿੱਚ ਦਰਜ ਹੋਏ ਕੇਸ ਅਤੇ ਰਿਪੋਰਟ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੀ ਅਪੀਲ ਕੀਤੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਮੁੱਖ ਮੰਤਰੀ ਦੀ ਕਥਿਤ ਵੀਡੀਓ ਮਾਮਲੇ ਵਿੱਚ ਜਲਦੀ ਹੀ ਪੰਜਾਬ ਦੇ ਡੀ ਜੀ ਪੀ ਨੂੰ ਮਿਲੇਗਾ। ਵਫ਼ਦ ਵੱਲੋਂ ਗੁਰੂਗ੍ਰਾਮ ਵਿੱਚ ਦਰਜ ਹੋਏ ਕੇਸ ਅਤੇ ਰਿਪੋਰਟ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੀ ਅਪੀਲ ਕੀਤੀ ਜਾਵੇਗੀ। ਇਹ ਫ਼ੈਸਲਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਇੱਕ ਮਤਾ ਪਾਸ ਕਰਕੇ ਕੀਤਾ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਤਖ਼ਤਾਂ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਸ਼ਾਮਲ ਹੋਏ।
ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਦੀ ਇੱਕ ਵਿਸ਼ੇਸ਼ ਇਕੱਤਰਤਾ ਦੌਰਾਨ ਮੌਜੂਦਾ ਮਾਮਲੇ ਵਿੱਚ 5 ਜੁਲਾਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਥੇਬੰਦੀਆਂ ਦਾ ਇੱਕ ਵੱਡਾ ਇਕੱਠ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਵਿੱਚ ਮੌਜੂਦਾ ਭਖਦੇ ਪੰਥਕ ਮਾਮਲਿਆਂ 'ਤੇ ਚਰਚਾ ਹੋਵੇਗੀ। ਉਨ੍ਹਾਂ ਆਖਿਆ ਕਿ ਇਕੱਤਰਤਾ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਅਤੇ ਅਕਾਲ ਤਖ਼ਤ ਦੀ ਸਰਵਉੱਚਤਾ ਸਬੰਧੀ ਪ੍ਰਚਾਰ ਕੀਤਾ ਜਾਵੇਗਾ।
ਉੱਥੇ ਹੀ ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਐਕਟ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਹੈ ਅਤੇ ਸਰਕਾਰ ਨੂੰ ਪੁਰਾਣੇ ਐਕਟ ਨੂੰ ਬਹਾਲ ਰੱਖਣ ਦੀ ਅਪੀਲ ਕੀਤੀ ਗਈ ਹੈ।
