SGPC General House Meeting: ਸ਼੍ਰੋਮਣੀ ਕਮੇਟੀ ਦਾ ਜਨਰਲ ਹਾਊਸ ਅੱਜ; ਬੇਅਦਬੀ ਸੋਧ ਐਕਟ ਅਤੇ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਮਾਮਲੇ ’ਤੇ ਹੋਵੇਗੀ ਚਰਚਾ
ਇਕੱਤਰਤਾ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ; ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਦੇ ਸਾਰੇ ਮੈਂਬਰ ਹੋਣਗੇ ਸ਼ਾਮਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਜਨਰਲ ਹਾਊਸ ਦੇ ਸਮੂਹ ਮੈਂਬਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਭਲਕੇ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਹੈ ਜਿਸ ਵਿੱਚ ਮੌਜੂਦਾ ਭਖਦੇ ਪੰਥਕ ਮਾਮਲੇ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਮਾਮਲੇ ’ਤੇ ਚਰਚਾ ਹੋਵੇਗੀ।
ਇਕੱਤਰਤਾ ਭਲਕੇ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਦੇ ਮੈਂਬਰ ਸ਼ਾਮਿਲ ਹੋਣਗੇ।
ਇਸ ਵੇਲੇ ਮੌਜੂਦਾ ਹਾਊਸ ਵਿੱਚ ਲਗਪਗ 150 ਮੈਂਬਰ ਹਨ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਿਸ਼ੇਸ਼ ਇਕੱਤਰਤਾ ਸਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਸਮੂਹ ਮੈਂਬਰਾਂ ਨੂੰ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ ਜਿਸ ਵਿੱਚ ਮੀਟਿੰਗ ਦੇ ਏਜੰਡੇ ਦਾ ਵੇਰਵਾ ਵੀ ਸ਼ਾਮਿਲ ਹੈ।
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ 20 ਜੂਨ ਨੂੰ ਹੋ ਚੁੱਕੀ ਹੈ, ਜਿਸ ਵਿੱਚ ਅੰਤ੍ਰਿੰਗ ਕਮੇਟੀ ਨੇ ਇੱਕ ਮਤਾ ਪਾਸ ਕਰਕੇ ਆਖਿਆ ਸੀ ਕਿ ਅਕਾਲ ਤਖਤ ਵੱਲੋਂ ਕੀਤੇ ਗਏ ਆਦੇਸ਼ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਇਸ ਕਰ ਕੇ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਦੇ ਸਮਾਜਿਕ ਬਾਈਕਾਟ ਦੇ ਆਦੇਸ਼ ’ਤੇ ਵੀ ਮੋਹਰ ਲਾਈ ਗਈ ਸੀ ਅਤੇ ਇਸ ਆਦੇਸ਼ ਨੂੰ ਵੱਡੇ ਪੱਧਰ ’ਤੇ ਪ੍ਰਚਾਰਨ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਬੇਅਦਬੀ ਸੋਧ ਐਕਟ ਦੀਆਂ ਇਤਰਾਜ਼ਯੋਗ ਮੱਦਾਂ ’ਤੇ ਵੀ ਸਖਤ ਇਤਰਾਜ਼ ਕੀਤਾ ਗਿਆ ਸੀ ਅਤੇ ਇਹਨਾਂ ਮੱਦਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ।
ਭਲਕੇ ਹੋਣ ਵਾਲੀ ਜਨਰਲ ਇਕੱਤਰਤਾ ਵਿੱਚ ਵੀ ਪਹਿਲਾਂ ਕੀਤੇ ਗਏ ਫੈਸਲਿਆਂ ਦੀ ਰੌਸ਼ਨੀ ਵਿੱਚ ਹੀ ਅਗਲੇ ਫੈਸਲੇ ਕੀਤੇ ਜਾਣ ਦੀ ਸੰਭਾਵਨਾ ਹੈ।
