ਐੱਸਜੀਪੀਸੀ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ ਗਏ ਹਨ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ।...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ ਗਏ ਹਨ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ ਜਦੋਂਕਿ ਇਕ ਵੋਟ ਰੱਦ ਹੋ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਹਨ। ਚੋਣ ਵਾਸਤੇ ਮੁੱਖ ਮੁਕਾਬਲਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਿੱਠੂ ਸਿੰਘ ਕਾਹਣੇਕੇ ਵਿਚਾਲੇ ਸੀ।
ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਨਾਵਾਂ ਦੀ ਸੂਚੀ
ਪ੍ਰਧਾਨ - ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ
ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ
ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ
ਅੰਤ੍ਰਿੰਗ ਕਮੇਟੀ ਮੈਂਬਰ
ਸੁਰਜੀਤ ਸਿੰਘ ਗੜ੍ਹੀ
ਸੁਰਜੀਤ ਸਿੰਘ ਤੁਗਲਵਾਲਾ
ਸੁਰਜੀਤ ਸਿੰਘ ਕੰਗ
ਗੁਰਪ੍ਰੀਤ ਸਿੰਘ ਝੱਬਰ
ਦਿਲਜੀਤ ਸਿੰਘ ਭਿੰਡਰ
ਬੀਬੀ ਹਰਜਿੰਦਰ ਕੌਰ
ਬਲਦੇਵ ਸਿੰਘ ਕੈਮਪੁਰੀ
ਮੇਜਰ ਸਿੰਘ ਢਿੱਲੋਂ
ਮੰਗਵਿੰਦਰ ਸਿੰਘ ਖਾਪੜਖੇੜੀ
ਜੰਗਬਹਾਦਰ ਸਿੰਘ ਰਾਏ,
ਮਿੱਠੂ ਸਿੰਘ ਕਾਹਨੇਕੇ
ਇਹ ਜਨਰਲ ਇਜਲਾਸ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਰੰਭ ਹੋਇਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਕੱਲ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਸਮੇਂ ਹੀ ਪ੍ਰਧਾਨ ਦੇ ਉਮੀਦਵਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ ਸੀ।
ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਅੱਜ ਸਵੇਰੇ ਹੋਈ ਮੀਟਿੰਗ ਦੌਰਾਨ ਪ੍ਰਧਾਨ ਦੇ ਉਮੀਦਵਾਰ ਵਜੋਂ ਮਿੱਠੂ ਸਿੰਘ ਕਾਹਣੇਕੇ ਦੇ ਨਾਂ ਦਾ ਐਲਾਨ ਕੀਤਾ ਸੀ। ਇਹ ਮੀਟਿੰਗ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਰਬ ਸੰਮਤੀ ਨਾਲ ਉਨ੍ਹਾਂ ਦੇ ਨਾਂਅ ਦੀ ਚੋਣ ਕੀਤੀ ਗਈ। ਮਿੱਠੂ ਸਿੰਘ ਕਾਹਣੇਕੇ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਜਿਨ੍ਹਾਂ ਦੇ ਨਾਂਅ ਦੀ ਚੋਣ ਲੜਨ ਵਾਸਤੇ ਚਰਚਾ ਸੀ, ਵੱਲੋਂ ਵੀ ਉਨ੍ਹਾਂ ਦੇ ਨਾਂਅ ਤੇ ਸਹਿਮਤੀ ਦਿੱਤੀ ਗਈ ਸੀ।

