ਸ਼੍ਰੋਮਣੀ ਕਮੇਟੀ ਵੱਲੋਂ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਮੀਟਿੰਗ
ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਣਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਏਆਈ ਤਕਨੀਕ ਦੀ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਆਪਣੇ ਸੁਝਾਅ ਦਿੱਤੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਦਾ ਸੋਸ਼ਲ ਮੀਡੀਏ ’ਤੇ ਲਗਾਤਾਰ ਵਾਧਾ ਵੱਡੀ ਚਿੰਤਾ ਵਾਲਾ ਵਿਸ਼ਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਇਸ ਖੇਤਰ ਵਿਚ ਕੰਮ ਕਰ ਰਹੇ ਮਾਹਿਰਾਂ ਤੋਂ ਸੁਝਾਅ ਲੈਣ ਲਈ ਅੱਜ ਦੀ ਮੀਟਿੰਗ ਬੁਲਾਈ ਸੀ, ਤਾਂ ਜੋ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਠੋਸ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਮੀਟਿੰਗ ਵਿਚ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ।