SGPC News: ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਤੇ ਪ੍ਰਬੰਧਕ ਕਮੇਟੀ ਦੇ ਦੋ ਮੈਂਬਰ ਤਨਖਾਹੀਆ ਕਰਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੁਲਾਈ
ਸ੍ਰੀ ਅਕਾਲ ਤਖਤ ਵਿਖੇ ਅੱਜ ਸ਼ਾਮ ਪੰਜ ਸਿੰਘ ਸਾਹਿਬਾਨ ਦੀ ਹੋਈ ਇੱਕ ਹੰਗਾਮੀ ਇਕੱਤਰਤਾ ਤੋਂ ਬਾਅਦ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੱਜ ਅਤੇ 21 ਮਈ ਨੂੰ ਕੀਤੇ ਗਏ ਫੈਸਲਿਆਂ ਨੂੰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਦੀ ਘੋਰ ਉਲੰਘਣਾ ਅਤੇ ਸਰਵਉੱਚਤਾ ਨੂੰ ਢਾਹ ਲਾਉਣ ਵਾਲੇ ਦੱਸਦਿਆਂ ਇਨ੍ਹਾਂ ਨੂੰ ਅਪ੍ਰਵਾਨ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੌਹਲ ਤੇ ਡਾ. ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਸੋਹੀ ਤੇ ਹੋਰ ਮੈਂਬਰਾਂ ਨੂੰ 15 ਦਿਨਾਂ ਵਿੱਚ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਦੇਣ ਦੇ ਆਦੇਸ਼ ਕੀਤੇ ਗਏ ਹਨ।
ਸ੍ਰੀ ਅਕਾਲ ਤਖਤ ਵਿਖੇ ਅੱਜ ਸ਼ਾਮ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਰਾਜਦੀਪ ਸਿੰਘ, ਭਾਈ ਕੇਵਲ ਸਿੰਘ ਅਤੇ ਭਾਈ ਸੁਲਤਾਨ ਸਿੰਘ ਸ਼ਾਮਲ ਸਨ। ਇਸ ਇਕੱਤਰਤਾ ਮਗਰੋਂ ਜਥੇਦਾਰ ਗੜਗੱਜ ਨੇ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਹੋਰਨਾਂ ਦੇ ਖਿਲਾਫ ਆਦੇਸ਼ ਜਾਰੀ ਕੀਤਾ।
ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਵੱਲੋਂ ਗੈਰ ਸਿਧਾਂਤਕ ਅਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਅਕਾਲ ਤਖਤ ਤੇ ਸਰਵਉੱਚਤਾ ਨੂੰ ਢਾਹ ਲਾਉਣ ਦੀ ਮੰਦਭਾਵਨਾ ਨਾਲ ਕੀਤਾ ਗਿਆ ਫੈਸਲਾ ਹੈ ਜਿਸ ਨੂੰ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਪੂਰਨ ਰੂਪ ਵਿੱਚ ਅਪ੍ਰਵਾਨ ਕੀਤਾ ਜਾਂਦਾ ਹੈ। ਦੱਸਣਯਗ ਹੈ ਕਿ ਅੱਜ ਸਵੇਰੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਇੱਕ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।