ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 20 ਕਰੋੜ ਰਾਖਵੇਂ
ਅੱਠ ਲੱਖ ਲਿਟਰ ਡੀਜ਼ਲ ਤੇ ਕਿਸਾਨਾਂ ਨੂੰ ਕਣਕ ਦਾ ਬੀਜ ਤੇ ਗੁਰਦੁਆਰਿਆਂ ਨੂੰ 50-50 ਹਜ਼ਾਰ ਦੇਣ ਦਾ ਫ਼ੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫ਼ੈਸਲਾ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੂੰ ਖੇਤ ਵਾਹੀਯੋਗ ਬਣਾਉਣ ਲਈ ਅੱਠ ਲੱਖ ਲਿਟਰ ਡੀਜ਼ਲ ਦੇਣ, 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਵਾਸਤੇ ਬੀਜ ਦੇਣ ਤੇ ਪ੍ਰਭਾਵਿਤ ਗੁਰਦੁਆਰਿਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਫ਼ੈਸਲੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਚਰਚਾ ਮਗਰੋਂ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਸਰਕਾਰ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਡੀਜ਼ਲ ਤੋਂ ਵੈਟ ਖ਼ਤਮ ਕਰੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਯੋਗਦਾਨ ਪਾਇਆ ਜਾਵੇ। ਇਸੇ ਦੌਰਾਨ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਨੇ ਭਰੋਸਾ ਦਿੱਤਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਠੇਕੇ ਤੇ ਦਿੱਤੀਆਂ ਗਈਆਂ ਜ਼ਮੀਨਾਂ ਦਾ ਠੇਕਾ ਮੁਆਫ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

