ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਨੇ 20 ਕਰੋੜ ਰੁਪਏ ਰਾਖਵੇਂ ਰੱਖੇ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਫ਼ੈਸਲਾ
ਮੀਟਿੰਗ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ।

ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪ੍ਰਭਾਵਿਤ ਪਿੰਡਾਂ ਦੇ ਗੁਰੂ-ਘਰਾਂ ਦਾ ਵੀ ਨੁਕਸਾਨ ਹੋਇਆ ਹੈ।

Advertisement

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵਿਚਾਰ ਚਰਚਾ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ, 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ, ਹੜ੍ਹਾਂ ਨਾਲ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਖਰਾਬ ਹੋਈਆਂ ਹਨ, ਉਨ੍ਹਾਂ ਜ਼ਰੂਰਤਮੰਦ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਕਿਤਾਬਾਂ ਦਿੱਤੀਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਮੈਡੀਕਲ ਟੀਮਾਂ ਲੋਕਾਂ ਦੀ ਮਦਦ ਕਰ ਰਹੀਆਂ ਹਨ, ਹੁਣ ਪਾਣੀ ਉਤਰਨ ਤੋਂ ਬਾਅਦ ਵਧ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ 50 ਮੈਡੀਕਲ ਵੈਨਾਂ ਇਨ੍ਹਾਂ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਪਹਿਲੇ ਦੀ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਡੀਜ਼ਲ ਤੋਂ ਵੈਟ ਖ਼ਤਮ ਕੀਤਾ ਜਾਵੇ, ਤਾਂ ਜੋ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਹੋ ਸਕੇ। ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜ ਗੁਰੂ ਕੀ ਗੋਲਕ ਅਤੇ ਸੰਗਤ ਦੇ ਸਹਿਯੋਗ ਨਾਲ ਹੋ ਰਹੇ ਹਨ। ਇਸ ਲਈ ਸੰਗਤ ਖੁੱਲ੍ਹਦਿਲੀ ਨਾਲ ਇਨ੍ਹਾਂ ਕਾਰਜਾਂ ਵਿਚ ਯੋਗਦਾਨ ਪਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਲਈ 1 ਲੱਖ 1 ਹਜ਼ਾਰ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਹੁਣ ਤੱਕ 77 ਲੱਖ ਤੋਂ ਵੱਧ ਦਾ ਲੋੜੀਂਦਾ ਸਮਾਨ ਭੇਜਿਆ ਜਾ ਚੁੱਕਾ ਹੈ।

Advertisement
Tags :
latest punjabi newsLatest punjabi tribuneNational Newspunjab floodPunjab flood situationPunjabi Tribune Newspunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments