ਸ਼੍ਰੋਮਣੀ ਕਮੇਟੀ ਨੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਰਾਹਤ ਕਾਰਜ ਹਾਲਾਤ ਆਗ ਵਾਂਗ ਹੋਣ ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਸੇਵਾਵਾਂ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਲੋੜਵੰਦਾਂ ਦੀ ਮੱਦਦ ਵਿਚ ਕੋਈ ਢਿੱਲ ਨਾ ਰੱਖੀ ਜਾਵੇ। ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬੈਠਕ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਵੱਡਾ ਨੁਕਸਾਨ ਹੋਇਆ ਹੈ। ਇਸ ਨਾਜ਼ੁਕ ਸਮੇਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ। ਜਿੱਥੇ ਪੀੜਤ ਲੋਕਾਂ ਤੱਕ ਰੋਜ਼ਮਰਾ ਦਾ ਸਾਮਾਨ ਭੇਜਿਆ ਜਾ ਰਿਹਾ ਹੈ, ਉੱਥੇ ਸੰਗਤਾਂ ਦੀ ਮੰਗ ਅਨੁਸਾਰ ਡੀਜ਼ਲ ਵੀ ਦਿੱਤਾ ਗਿਆ ਹੈ। ਹੁਣ ਇਨ੍ਹਾਂ ਇਲਾਕਿਆਂ ਅੰਦਰ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਤੌਰ ’ਤੇ ਸਪਰੇਅ ਮਸ਼ੀਨਾਂ ਨਾਲ ਦਿਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਂਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਕੇ ਇਕ ਢੁੱਕਵੀਂ ਵਿਉਂਤਬੰਦੀ ਕੀਤੀ ਜਾਵੇਗੀ, ਤਾਂ ਜੋ ਪਾਣੀ ਸੁਕਣ ਬਾਅਦ ਲੋਕਾਂ ਦੀਆਂ ਲੋੜਾਂ ਅਨੁਸਾਰ ਰਾਹਤ ਸੇਵਾਵਾਂ ਵਿਧੀਵਤ ਤਰੀਕੇ ਨਾਲ ਕੀਤੀਆਂ ਜਾ ਸਕਣ। ਇਸੇ ਦੌਰਾਨ ਬਾਬਾ ਧਰਮਵੀਰ ਸਿੰਘ ਕਾਰ ਸੇਵਾ ਗੁਰਦੁਆਰਾ ਬਾਬਾ ਅਟੱਲ ਰਾਏ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਦਵਾਈਆਂ ਸੌਂਪੀਆਂ ਅਤੇ ਨਕਦ ਰਾਸ਼ੀ ਵੀ ਜਮ੍ਹਾਂ ਕਰਵਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਪਰਮਜੀਤ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਸੁਪਰਡੈਂਟ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।