SGPC ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ
ਆਉਣ ਵਾਲੇ ਦਿਨਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ: ਗੁਰਚਰਨ ਸਿੰਘ ਗਰੇਵਾਲ
ਨੇਪਾਲ ਵਿੱਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨਾਂ ਤੋਂ ਇੱਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਲ ਹਨ।
ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਲੰਗਰ ਦਾ ਪਹਿਲਾ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਗਿਆ ਹੈ ਅਤੇ ਅਗਲੇ ਦਿਨਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਬੀਤੇ ਦਿਨੀਂ ਸਰਕਾਰ ਨਾਲ ਕੀਤੀ ਗੱਲਬਾਤ ਦੌਰਾਨ ਮਨੁੱਖਤਾ ਦੀ ਸੇਵਾ ਲਈ ਨੇਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਤੋਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਸਬੰਧੀ ਸੁਝਾਅ ਦਿੱਤਾ ਗਿਆ ਸੀ, ਜਿਸ ਨੂੰ ਨੇਪਾਲ ਸਰਕਾਰ ਵੱਲੋਂ ਪਰਵਾਨ ਕਰ ਲਿਆ ਗਿਆ ਹੈ। ਇਸ ਸਹਿਯੋਗ ਅਤੇ ਸਹਿਮਤੀ ਤੋਂ ਬਾਅਦ ਅੱਜ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਅਤੇ ਸੇਵਾਦਾਰਾਂ ਦਾ ਸਥਾਨਕ ਲੋਕਾਂ ਵੱਲੋਂ ਧੰਨਵਾਦ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਲੰਗਰ ਅਤੇ ਰਾਹਤ ਸਮੱਗਰੀ ਉਨ੍ਹਾਂ ਲਈ ਵੱਡਾ ਸਹਾਰਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿੱਚ ਨੇਪਾਲ ਵੱਸਦੇ ਪ੍ਰੀਤਮ ਸਿੰਘ, ਅੰਗਦ ਸਿੰਘ, ਹਰਪਾਲ ਸਿੰਘ ਪਾਲੀ ਅਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ।

