ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ 7 ਮਾਰਚ ਨੂੰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ 7 ਮਾਰਚ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਚਰਚਾ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਪਰ ਹੁਣ ਤੱਕ ਇਹ ਉਪਰਾਲੇ ਸਫਲ ਨਹੀਂ ਹੋਏ, ਜਿਸ ਕਾਰਨ ਸਿੱਖ ਸੰਸਥਾ ਇਸ ਵੇਲੇ ਸੰਕਟ ਦੇ ਘੇਰੇ ਵਿੱਚ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ 31 ਮਾਰਚ ਤੋਂ ਪਹਿਲਾਂ ਪਾਸ ਕਰਨਾ ਜ਼ਰੂਰੀ ਹੈ। 7 ਮਾਰਚ ਨੂੰ ਹੋਣ ਵਾਲੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬਜਟ ਸਬੰਧੀ ਮੀਟਿੰਗ ਤੈਅ ਕਰਨ ਦਾ ਫੈਸਲਾ ਹੋਵੇਗਾ। ਨਿਯਮਾਂ ਮੁਤਾਬਕ ਬਜਟ ਸਬੰਧੀ ਜਨਰਲ ਇਜਲਾਸ 21 ਦਿਨ ਦੇ ਵਕਫੇ ’ਤੇ ਸੱਦਿਆ ਜਾਵੇਗਾ। ਬਜਟ ਇਜਲਾਸ ਮਾਰਚ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਹੋਣ ਦੀ ਸੰਭਾਵਨਾ ਹੈ, ਪਰ ਬਜਟ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਅਤੇ ਹੁਣ ਤੱਕ ਰੁਕੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੁਖੀ ਵਜੋਂ ਸੀਨੀਅਰ ਮੀਤ ਪ੍ਰਧਾਨ ਜਾਂ ਕਿਸੇ ਹੋਰ ਅੰਤਰਿੰਗ ਕਮੇਟੀ ਮੈਂਬਰ ਨੂੰ ਸੇਵਾਵਾਂ ਦਿੱਤੀਆਂ ਜਾ ਸਕਦੀਆਂ ਹਨ।
ਇਸ ਤੋਂ ਪਹਿਲਾਂ ਪਿਛਲੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਐਡਵੋਕੇਟ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ’ਤੇ ਵਿਚਾਰ ਕੀਤਾ ਗਿਆ ਸੀ ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਅੰਤਰਿੰਗ ਕਮੇਟੀ ਵੱਲੋਂ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਨੂੰ ਐਡਵੋਕੇਟ ਧਾਮੀ ਨਾਲ ਮਿਲਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। ਇਹ ਪੰਜ ਮੈਂਬਰੀ ਕਮੇਟੀ ਅੱਜ ਐਡਵੋਕੇਟ ਧਾਮੀ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੀ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਵੀ ਉਨ੍ਹਾਂ ਨੂੰ ਮਿਲ ਕੇ ਅਸਤੀਫਾ ਵਾਪਸ ਲੈਣ ਦੀ ਅਪੀਲ ਕਰ ਚੁੱਕੇ ਹਨ।