DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ

ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਹੋਵੇਗੀ ਮੀਟਿੰਗ
  • fb
  • twitter
  • whatsapp
  • whatsapp
Advertisement
ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 11 ਜੂਨ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਹੁਣ 12 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ 9 ਜੂਨ ਨੂੰ ਹੋਣੀ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਮੀਟਿੰਗ 12 ਜੂਨ ਨੂੰ ਦੁਪਹਿਰ ਕਰੀਬ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਧਰਮ ਪ੍ਰਚਾਰ ਕਮੇਟੀ ਦੀ ਇੱਕ ਮੀਟਿੰਗ ਵੀ ਹੋਵੇਗੀ। ਹਾਲਾਂਕਿ ਇਸ ਮੀਟਿੰਗ ਨੂੰ ਨਿਯਮਤ ਏਜੰਡਾ ਦੱਸਿਆ ਜਾ ਰਿਹਾ ਹੈ, ਪਰ ਇਸ ਵੇਲੇ ਜਥੇਦਾਰਾਂ ਦੇ ਵਿਵਾਦ ਸਬੰਧੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਵਿਰੋਧ ਦੇ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਪੰਥ ਦੀਆਂ ਨਜ਼ਰਾਂ ਸ਼੍ਰੋਮਣੀ ਕਮੇਟੀ ਵੱਲ ਲੱਗੀਆਂ ਹੋਈਆਂ ਹਨ।

ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਜਥੇਦਾਰ ਅਤੇ ਹਟਾਏ ਗਏ ਜਥੇਦਾਰਾਂ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਦੋ-ਤਿੰਨ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਹਾਲ ਹੀ ਵਿੱਚ ਕੁਝ ਦਿਨ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਨੇ ਇਸੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ਦੇ ਬਾਹਰ 11 ਜੂਨ ਨੂੰ ਰੱਖੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਮੀਟਿੰਗ ਤੋਂ ਬਾਅਦ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸਪਸ਼ਟ ਕੀਤਾ ਸੀ ਕਿ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦੀ ਹੀ ਜਥੇਦਾਰਾਂ ਵਾਲਾ ਮਾਮਲਾ ਹੱਲ ਕਰ ਲਿਆ ਜਾਵੇਗਾ। ਇਸ ਕਾਰਨ ਸਮੁੱਚੇ ਪੰਥ ਦੀਆਂ ਨਜ਼ਰਾਂ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਇਸ ਸਬੰਧੀ ਅਗਲੇ ਫੈਸਲੇ ’ਤੇ ਲੱਗੀਆਂ ਹੋਈਆਂ ਹਨ।

ਉਧਰ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਸੂਤਰਾਂ ਮੁਤਾਬਕ ਫਿਲਹਾਲ ਮੀਟਿੰਗ ਦੇ ਏਜੰਡੇ ਵਿੱਚ ਅਜਿਹਾ ਕੋਈ ਵੀ ਮਾਮਲਾ ਸ਼ਾਮਲ ਨਹੀਂ ਹੈ। ਪਰ ਪ੍ਰਧਾਨ ਦੀ ਇੱਛਾ ਦੇ ਅਨੁਸਾਰ ਮੀਟਿੰਗ ਦੇ ਏਜੰਡੇ ਵਿੱਚ ਐਨ ਆਖਰੀ ਮੌਕੇ ਵੀ ਕਿਸੇ ਵੀ ਤਰ੍ਹਾਂ ਦੀ ਅਜਿਹੀ ਮੱਦ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ ਅਤੇ ਵਿਚਾਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਦਾ ਵਿਧੀ ਵਿਧਾਨ ਤਿਆਰ ਕਰਨ ਸਬੰਧੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਕੋਲੋਂ ਵਿਚਾਰ ਅਤੇ ਰਾਏ ਮੰਗੀ ਗਈ ਸੀ। ਸ਼੍ਰੋਮਣੀ ਕਮੇਟੀ ਕੋਲ ਪੁੱਜ ਚੁੱਕੀ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਗਲੀ ਪ੍ਰਕਿਰਿਆ ਤਹਿਤ ਸਿੱਖ ਵਿਦਵਾਨਾਂ ਦੀ ਕਮੇਟੀ ਬਨਾਏ ਜਾਣ ਦੀ ਯੋਜਨਾ ਹੈ। ਕੱਲ ਹੋਣ ਵਾਲੇ ਮੀਟਿੰਗ ਵਿੱਚ ਇਸ ਮਾਮਲੇ ਤੇ ਵੀ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ।

Advertisement
×