ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜੇਗਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
ਪ੍ਰਧਾਨਗੀ ਲੲੀ ੳੁਮੀਦਵਾਰ ਦੀ ਚੋਣ ਕਰਨ ਦੇ ਅਧਿਕਾਰ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਦਿੱਤੇ
SGPC President: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅੱਜ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸਮੂਹਿਕ ਰਾਏ ਤੋਂ ਬਾਅਦ ਭਲਕੇ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਗਿਆ।
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ ਐਸਜੀਪੀਸੀ ਮੈਬਰਾਂ ਦੀ ਮੀਟਿੰਗ ਕੀਤੀ ਗਈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸਮੁੱਚੀ ਲੀਡਰਸ਼ਿਪ ਅਤੇ ਐਸਜੀਪੀਸੀ ਮੈਬਰਾਂ ਦੇ ਸੁਝਾਅ ਤੋਂ ਬਾਅਦ ਭਲਕੇ ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਿੱਚ ਸਰਗਰਮ ਰੂਪ ਵਿੱਚ ਚੋਣ ਲੜਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਪ੍ਰਧਾਨਗੀ ਦੇ ਅਹੁਦੇ ਲਈ ਕੌਣ ਉਮੀਦਵਾਰ ਹੋਵੇਗਾ, ਇਹ ਸਾਰੇ ਅਧਿਕਾਰ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਪੂਰਨ ਵਿੱਚ ਇਹ ਅਧਿਕਾਰ ਖੁਦ ਸ਼੍ਰੋਮਣੀ ਕਮੇਟੀ ਮੈਬਰਾਂ ਨੂੰ ਮਿਲੇ ਹੋਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੂਹਿਕ ਲੀਡਰਸ਼ਿਪ ਦੀ ਭਾਵਨਾ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਅਤੇ ਚੁਣੀ ਜਾਣ ਵਾਲੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ, ਮਰਿਆਦਾ ਅਤੇ ਸਰਵ ਉੱਚਤਾ ਨੂੰ ਠੇਸ ਪਹੁੰਚਾਉਣ ਵਾਲੇ ਕਾਰਜਾਂ ਖਿਲਾਫ ਜ਼ਰੂਰ ਆਵਾਜ਼ ਉਠਾਉਣ।
ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ ਤੋਂ ਪਹਿਲਾਂ ਪਾਰਟੀ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਸਮੂਹਿਕ ਰੂਪ ਵਿੱਚ ਇਕੱਠੇ ਹੋ ਕੇ ਆਪਣੀ ਅਗਲੀ ਰਣਨੀਤੀ ਤਿਆਰ ਕਰਨਗੇ। ਪਿਛਲੇ ਸਮੇਂ ਵਿੱਚ ਹੋਏ ਪੰਥਕ ਮਰਿਆਦਾ ਦੇ ਘਾਣ ਖਿਲਾਫ ਜਨਰਲ ਹਾਊਸ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਗੁਰ ਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਜਸਬੀਰ ਸਿੰਘ ਘੁੰਮਣ, ਸੁਰਿੰਦਰ ਸਿੰਘ ਦੋਬਲੀਆ, ਰਘਬੀਰ ਸਿੰਘ ਰਾਜਾ ਸਾਂਸੀ, ਸੁੱਚਾ ਸਿੰਘ ਛੋਟੇਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਸਤਿੰਦਰ ਸਿੰਘ ਟੌਹੜਾ, ਮਿੱਠੂ ਸਿੰਘ ਕਾਹਨੇਕੇ, ਸਰਿੰਦਰ ਸਿੰਘ , ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ, ਮਹਿੰਦਰ ਸਿੰਘ ਹੁਸੈਨਪੁਰ, ਗਗਨਦੀਪ ਸਿੰਘ ਬਰਨਾਲਾ, ਕਰਨੈਲ ਸਿੰਘ ਪੀਰ ਮੁਹੰਮਦ, ਭੁਪਿੰਦਰ ਸਿੰਘ ਖਾਲਸਾ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

