ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ’ਤੇ ਬੇਲੋੜੀ ਜਾਣਕਾਰੀ ਮੰਗਣ ਦੇ ਦੋਸ਼
ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸਪਸ਼ਟ ਕਰਨ ਲਈ ਆਖਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ਵਿਚ ਬਣੀ ਸਿੱਟ ਵੱਲੋਂ ਸ਼੍ਰੋਮਣੀ ਕਮੇਟੀ ਤੋਂ ਗੈ਼ੈਰ ਜ਼ਰੂਰੀ ਜਾਣਕਾਰੀਆਂ ਮੰਗਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਉਹਨਾਂ ਆਖਿਆ ਕਿ ਪਹਿਲਾਂ ਵੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਨੇ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਸੀ ਜਿਸ ਵਲੋ ਹੁਣ ਬੇਲੋੜੀ ਜਾਣਕਾਰੀ ਮੰਗੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਕਮੇਟੀ ਕੀ ਕਰੇ, ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਜਾਵੇ।
ਉਹਨਾਂ ਆਖਿਆ ਕਿ ਵਿਸ਼ੇਸ਼ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਕੋਲੋਂ ਅਜਿਹੀ ਜਾਣਕਾਰੀ ਮੰਗੀ ਜਾ ਰਹੀ ਹੈ, ਜੋ 328 ਪਾਵਨ ਸਰੂਪਾਂ ਜਾਂਚ ਮਾਮਲੇ ਵਿੱਚ ਲੋੜੀਦੀ ਨਹੀਂ ਹੈ। ਵਿਸ਼ੇਸ਼ ਜਾਂਚ ਵਲੋਂ ਟੀਮ ਸ਼੍ਰੋਮਣੀ ਕਮੇਟੀ ਦੇ ਸਾਰੇ ਬੈਂਕ ਖਾਤੇ, ਬੈਲੈਂਸ ਸ਼ੀਟ, ਲੈਣ ਦੇਣ, ਗੁਰਬਾਣੀ ਪ੍ਰਸਾਰਨ ਸਬੰਧੀ ਮਾਮਲੇ ਬਾਰੇ ਵੀ ਜਾਣਕਾਰੀ ਮੰਗੀ ਜਾ ਰਹੀ ਹੈ।
ਉਹਨਾਂ ਆਖਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਵੀ ਅਕਾਲ ਤਖਤ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਜਿਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਗਿਆ ਸੀ ਅਤੇ ਉਹਨਾਂ ਵੱਲੋਂ ਮੰਗੀ ਗਈ ਜਾਣਕਾਰੀ ਮੁਹੱਈਆ ਕੀਤੀ ਗਈ ਸੀ। ਉਹਨਾਂ ਆਖਿਆ ਕਿ ਵਿਸ਼ੇਸ਼ ਜਾਂਚ ਟੀਮ ਦੀ ਅਜਿਹੀ ਕਾਰਵਾਈ ਸਿੱਖ ਸੰਸਥਾ ਦੇ ਮਾਮਲਿਆਂ ਵਿੱਚ ਸਿੱਧੀ ਦਖਲ ਅੰਦਾਜ਼ੀ ਹੈ।
ਪੱਤਰ ਦੀ ਭਾਵਨਾ ਇਹ ਹੈ ਕਿ ਕੀ ਸ਼੍ਰੋਮਣੀ ਕਮੇਟੀ ਭਵਿੱਖ ਵਿੱਚ ਇਸ ਵਿਸ਼ੇਸ਼ ਜਾਂਚ ਟੀਮ ਨੂੰ ਸਹਿਯੋਗ ਜਾਰੀ ਰੱਖੇ ਜਾਂ ਨਹੀਂ, ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਜਾਵੇ।

