ਅਵੱਗਿਆ ਸਬੰਧੀ ਆਪਣਾ ਪੱਖ ਰੱਖਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪੁੱਜੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਤੇ ਮੈਂਬਰਾਂ ਦੀ ਅੱਜ ਹੋਣ ਵਾਲੀ ਵਿਸ਼ੇਸ਼ ਇਕੱਤਰਤਾ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੁੜਗੱਜ ਕੋਲ ਪੇਸ਼ ਹੋ ਕੇ ਦਸੰਬਰ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਤੇ ਮੈਂਬਰਾਂ ਦੀ ਅੱਜ ਹੋਣ ਵਾਲੀ ਵਿਸ਼ੇਸ਼ ਇਕੱਤਰਤਾ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੁੜਗੱਜ ਕੋਲ ਪੇਸ਼ ਹੋ ਕੇ ਦਸੰਬਰ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਬਾਰੇ ਆਪਣਾ ਪੱਖ ਸਪਸ਼ਟ ਕੀਤਾ ਹੈ।
ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਤੋਂ ਅਸਤੀਫਾ ਦੇਣ ਬਾਰੇ ਹੋ ਰਹੀ ਬੇਲੋੜੀ ਚਰਚਾ ਸਬੰਧੀ ਉਨਾਂ ਆਪਣਾ ਪੱਖ ਸਪੱਸ਼ਟ ਕੀਤਾ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਉਨ੍ਹਾਂ ਆਖਿਆ ਕਿ ਮੈਂ ਕੋਈ ਅਵੱਗਿਆ ਨਹੀਂ ਕੀਤੀ ਸੀ, ਪਰ ਇਸ ਦੇ ਬਾਵਜੂਦ ਇਸ ਮਾਮਲੇ ਨੂੰ ਲੈ ਕੇ ਬੇਲੋੜੀ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਉਸ ਵੇਲੇ ਜਦੋ ਆਪਣਾ ਅਸਤੀਫਾ ਦਿੱਤਾ ਸੀ ਤਾਂ ਆਪਣਾ ਪੱਖ ਰੱਖ ਦਿੱਤਾ ਸੀ । ਅੱਜ ਮੁੜ ਇਸੇ ਮਾਮਲੇ ਨੂੰ ਲੈ ਕੇ ਆਪਣਾ ਪੱਖ ਸਪਸ਼ਟ ਕੀਤਾ ਹੈ। ਉਹਨਾਂ ਆਖਿਆ ਕਿ ਇਸ ਮਾਮਲੇ ਵਿੱਚ ਹੁਣ ਅਗਲੇਰੀ ਕਾਰਵਾਈ ਜਥੇਦਾਰ ਵੱਲੋਂ ਕੀਤੀ ਜਾਣੀ ਹੈ।
ਅੱਜ ਦੀ ਜਨਰਲ ਹਾਊਸ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬਾਰੇ ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਨੁਕਾਤੀ ਏਜੰਡੇ ਤੇ ਸੱਦੀ ਗਈ ਹੈ। ਇਸ ਤੋਂ ਪਹਿਲਾਂ ਇਸੇ ਮੁੱਦੇ ਤੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਕੀਤੀ ਗਈ ਸੀ । ਧਾਮੀ ਨੇ ਆਖਿਆ ਕਿ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਸੀ, ਜਿਸ ਵਿੱਚ ਮੁੱਖ ਮੰਤਰੀ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅੱਜ ਵੀ ਇਸੇ ਮਾਮਲੇ ਤੇ ਮੀਟਿੰਗ ਵਿੱਚ ਚਰਚਾ ਹੋਵੇਗੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਸਿੰਘ ਸਾਹਿਬਾਨ ਵੀ ਸ਼ਾਮਿਲ ਹੋਣਗੇ।
ਬੇਅਦਬੀ ਸੋਧ ਐਕਟ ਮਾਮਲੇ ਵਿੱਚ 29 ਜੂਨ ਨੂੰ ਸ੍ਰੀ ਅਕਾਲ ਤਖਤ ਤੇ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਿੱਖ ਵਿਧਾਨਕਾਰ ਵੱਲੋਂ ਇਸ ਮਾਮਲੇ ਵਿੱਚ ਧਾਰੀ ਚੁੱਪ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਅੜੀਅਲ ਵਤੀਰਾ ਅਖਤਿਆਰ ਕਰਨਾ ਜਾਇਜ਼ ਨਹੀਂ ਹੈ। ਸ੍ਰੀ ਅਕਾਲ ਤਖਤ ਇੱਕ ਵੱਡੀ ਅਥਾਰਟੀ ਹੈ ਅਤੇ ਇੱਥੇ ਆਉਣ ਵਾਲੇ ਨਿਰਮਲ ਤੇ ਸ਼ੁੱਧ ਹੋ ਕੇ ਜਾਣਗੇ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਬਾਰੇ ਭੱਦੀ ਸ਼ਬਦਾਵਲੀ ਵਰਤੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਮਾਮਲਾ ਜਥੇਦਾਰ ਦੇ ਵਿਚਾਰ ਅਧੀਨ ਹੈ।
Advertisement
×
