DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਿਵਰਾਜ ਚੌਹਾਨ ਅਤੇ ਰਵਨੀਤ ਬਿੱਟੂ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਪੂਰੀ ਕੋਸ਼ਿਸ਼ ਕਰੇਗੀ: ਚੌਹਾਨ
  • fb
  • twitter
  • whatsapp
  • whatsapp
Advertisement

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਅੱਜ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸੂਬੇ ਨੂੰ ਇਸ ਸੰਕਟ ਤੋਂ ਉਭਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਉਨ੍ਹਾਂ ਅੱਜ ਮਾਝੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਸਮੁੱਚੀ ਸਥਿਤੀ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਹੜ੍ਹ ਪੀੜਤ ਲੋਕਾਂ ਦੀ ਸਥਿਤੀ ਦੀ ਸਮੀਖਿਆ ਕਰਨ ਵਾਸਤੇ ਦੋ ਕੇਂਦਰੀ ਟੀਮਾਂ ਵੀ ਪੰਜਾਬ ਵਿੱਚ ਭੇਜਿਆ ਗਈਆਂ ਹਨ।

Advertisement

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ,, ਭਾਜਪਾ ਆਗੂ ਸੁਨੀਲ ਜਾਖੜ ਤੇੇ ਹੋਰ ਆਗੂ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਂਦੇ ਹੋਏ। ਫੋਟੋ: ਪੀਟੀਆਈਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੁੱਚੀ ਰਿਪੋਰਟ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ, ਜਿਸ ਤੋਂ ਬਾਅਦ ਪੰਜਾਬ ਨੂੰ ਹੜ੍ਹ ਦੇ ਸੰਕਟ ਤੋਂ ਉਭਰਨ ਵਾਸਤੇ ਪ੍ਰਧਾਨ ਮੰਤਰੀ ਵੱਲੋਂ ਮਦਦ ਦੀ ਅਗਲੇਰੀ ਕਾਰਵਾਈ ਅੰਜਾਮ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਹੈ। ਪ੍ਰਧਾਨ ਮੰਤਰੀ ਪੰਜਾਬ ਦੀ ਸਥਿਤੀ ਲਈ ਫਿਕਰਮੰਦ ਹਨ। ਉਹ ਆਪਣੀ ਸਮੁੱਚੀ ਰਿਪੋਰਟ ਪ੍ਰਧਾਨ ਮੰਤਰੀ ਨੂੰ ਦੇਣਗੇ। ਉਨ੍ਹਾਂ ਨਾਲ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਆਗੂ ਤਰੁਣ ਚੁੱਘ, ਸੁਨੀਲ ਜਾਖੜ, ਸਵੇਤ ਮਲਿਕ, ਹਰਵਿੰਦਰ ਸਿੰਘ ਸੰਧੂ, ਅਮਰਪਾਲ ਸਿੰਘ ਬੋਨੀ ਅਜਨਾਲਾ ਤੇ ਹੋਰ ਹਾਜ਼ਰ ਸਨ।

ਮੀਡੀਆ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਆਖਿਆ ਕਿ ਪੰਜਾਬ ਹਮੇਸ਼ਾ ਹੀ ਭਾਰਤ ਦਾ ਮਾਣ ਰਿਹਾ ਹੈ, ਜਦ ਵੀ ਦੇਸ਼ ’ਤੇ ਸੰਕਟ ਆਇਆ ਤਾਂ ਸਭ ਤੋਂ ਪਹਿਲਾਂ ਪੰਜਾਬ ਨੇ ਇਸ ਸੰਕਟ ਨੂੰ ਆਪਣੇ ਸੀਨੇ ’ਤੇ ਝੱਲਿਆ ਹੈ। ਸੂਬੇ ਦੇ ਲੋਕ ਪੀੜਤ ਮਨੁੱਖਤਾ ਦੀ ਸੇਵਾ ਵਾਸਤੇ ਸਦਾ ਹੀ ਅੱਗੇ ਰਹੇ ਹਨ ਅਤੇ ਦੇਸ਼ ਵਾਸਤੇ ਵੱਧ ਚੜ੍ਹ ਕੇ ਕੰਮ ਕੀਤਾ। ਉਹ ਪੰਜਾਬ ਦੇ ਲੋਕਾਂ ਦੀ ਇਸ ਭਾਵਨਾ ਅੱਗੇ ਹਮੇਸ਼ਾ ਹੀ ਨਤਮਸਤਕ ਹਨ ਪਰ ਅੱਜ ਇਸ ਵੇਲੇ ਪੰਜਾਬ ਹੜਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ। ਉਹ ਮੌਜੂਦਾ ਇਸ ਸੰਕਟ ਦੀ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਆਏ ਹਨ। ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇਹ ਖੇਤਰ ਇਸ ਵੇਲੇ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ। ਲੋਕ ਹੜ੍ਹ ਤੋਂ ਪ੍ਰਭਾਵਿਤ ਹਨ ਪਰ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਉਨ੍ਹਾਂ ਖੁਲਾਸਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਵਾਸਤੇ ਦੋ ਕੇਂਦਰੀ ਟੀਮਾਂ ਵੀ ਭੇਜੀਆਂ ਗਈਆਂ ਹਨ, ਜੋ ਨੁਕਸਾਨੀਆਂ ਗਈਆਂ ਫਸਲਾਂ, ਸੜਕਾਂ ਘਰਾਂ ਤੇ ਸਮੁੱਚੀ ਸਥਿਤੀ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸਮੁੱਚੀ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਂਪੀ ਜਾਵੇਗੀ।

ਉਨ੍ਹਾਂ ਕਿਹਾ ਕਿ ਇੱਥੋਂ ਦੀ ਸਥਿਤੀ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਮਨ ਵਿੱਚ ਇਹੀ ਭਾਵਨਾ ਹੈ ਕਿ ਉਹ ਪੰਜਾਬ ਦੀ ਕਿਵੇਂ ਬਿਹਤਰ ਢੰਗ ਨਾਲ ਸੇਵਾ ਕਰ ਸਕਦੇ ਹਨ।

ਦੌਰਾ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਹੜ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣੂ ਕਰਾਇਆ।

ਇਸ ਦੌਰਾਨ ਹਵਾਈ ਅੱਡੇ ’ਤੇ ਪੰਜਾਬ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਤੋਂ ਜਾਣੂ ਕਰਾਇਆ ਹੈ।

ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ।

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਪਿੰਡ ਧਰਮਕੋਟ ਪੱਤਣ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਦੀਨਾਨਗਰ ਨੇੜੇ ਬਹਿਰਾਮਪੁਰ ਦਾ ਦੌਰਾ ਵੀ ਕੀਤਾ ਗਿਆ । ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਗੱਲ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਕੇਂਦਰੀ ਮੰਤਰੀ ਨੂੰ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਭਾਜਪਾ ਨੇਤਾ ਰਵੀਕਰਨ ਸਿੰਘ ਕਾਹਲੋਂ।

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। ਉਨ੍ਹਾਂ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਏ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।

Advertisement
×