ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਮਾਰਚ
ਘਨੂੰਪੁਰ ਕਾਲੇ ਵਿਚ ਅੱਜ ਗੁਰਦੀਪ ਸਿੰਘ ਵਾਸੀ ਅਨੰਦਪੁਰੀ ਮੁਹੱਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਪੁਰਾਣੀ ਰੰਜਿਸ਼ ਦੇ ਚਲਦਿਆਂ ਵਾਪਰੀ। ਪੁਲੀਸ ਨੇ ਇਸ ਹੱਤਿਆ ਲਈ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਤੇ ਅਮਰਦੀਪ ਸਿੰਘ ਆਪਸ ਵਿਚ ਰਿਸ਼ਤੇਦਾਰ ਹਨ। ਅੱਜ ਮੁਲਜ਼ਮ ਨੇ ਗੁਰਦੀਪ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਲੱਗਣ ਕਾਰਨ ਗੁਰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲੋਕਾਂ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਅਤੇ ਪੁਲੀਸ ਨੇ ਮੌਕੇ ’ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਮ੍ਰਿਤਕ ਗੁਰਦੀਪ ਸਿੰਘ ਦੇ ਪੁੱਤਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਕਤਲ ਕਰਨ ਵਾਲਿਆਂ ਨਾਲ ਪਰਿਵਾਰ ਦੀ ਪੁਰਾਣੀ ਰੰਜਿਸ਼ ਹੈ। ਇਸ ਘਟਨਾ ਬਾਰੇ ਉਸ ਨੂੰ ਫੋਨ ’ਤੇ ਸੂਚਨਾ ਮਿਲੀ। ਉਹ ਜਦੋਂ ਘਟਨਾ ਸਥਾਨ ’ਤੇ ਪੁੱਜਾ ਤਾਂ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ। ਉਸ ਨੇ ਕਿਹਾ ਕਿ ਅਮਨਦੀਪ ਸਿੰਘ ਨੇ ਉਸ ਦੇ ਪਿਤਾ ਨੂੰ ਗੋਲੀਆਂ ਮਾਰੀਆਂ ਹਨ। ਪੁਲੀਸ ਸੂਤਰਾਂ ਮੁਤਾਬਕ ਇਹ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਗੁਰਦੀਪ ਸਿੰਘ ਨੇ ਕੁਝ ਸਮਾਂ ਪਹਿਲਾਂ ਅਮਨਦੀਪ ਦੇ ਪਿਤਾ ਤੇ ਆਪਣੇ ਭਰਾ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਉਹ ਇਸੇ ਮਾਮਲੇ ਵਿਚ ਜੇਲ੍ਹ ਕੱਟ ਚੱਕਾ ਹੈ।
ਹਮਲਾਵਰ ਦੀ ਭਾਲ ਸ਼ੁਰੂ
ਛੇਹਰਟਾ ਥਾਣੇ ਦੇ ਐਸਐਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਕੁਝ ਸਮਾਂ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰ ਕੇ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਹਮਲਾਵਰ ਘਟਨਾ ਤੋਂ ਬਾਅਦ ਫ਼ਰਾਰ ਹੋ ਗਏ। ਪੁਲੀਸ ਨੇ ਕਤਲ ਕੇਸ ਦਰਜ ਕੀਤਾ ਹੈ ਅਤੇ ਹਮਲਾਵਰ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਪ੍ਰਾਪਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।