ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸਿੱਧੂਪੁਰ ਜਥੇਬੰਦੀ ਵੱਲੋਂ ਮੁਜ਼ਾਹਰਾ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁਨਾਂ ਨੇ ਅੱਜ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਇੱਥੇ ਰੋਸ ਮੁਜ਼ਾਹਰਾ ਕੀਤਾ ਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ ਦਿੱਤਾ ਹੈ। ਇਹ ਰੋਸ ਵਿਖਾਵਾ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਕਿਸਾਨ ਤੇ ਮਜ਼ਦੂਰ ਤੇ ਹੋਰ ਸ਼ਾਮਲ ਹੋਏ। ਪ੍ਰਦਰਸ਼ਨਕਾਰੀ ਰਣਜੀਤ ਐਵੇਨਿਊ ਦਸਹਿਰਾ ਗਰਾਊਂਡ ਨੇੜੇ ਇਕੱਠੇ ਹੋਏ ਤੇ ਮੋਟਰਸਾਈਕਲ ਮਾਰਚ ਕਰਦਿਆਂ ਡੀਸੀ ਦਫਤਰ ਪੁੱਜੇ। ਜਿੱਥੇ ਉਹਨਾਂ ਡਿਪਟੀ ਕਮਿਸ਼ਨਰ ਦਫਤਰ ਵਿੱਚ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਪ੍ਰਦਰਸ਼ਨਕਾਰੀ ਲੈਂਡ ਪੂਲਿੰਗ ਨੀਤੀ ਅਤੇ ਚਿੱਪ ਵਾਲੇ ਮੀਟਰਾ ਖਿਲਾਫ ਤੇ ਹੋਰ ਮੰਗਾਂ ਦੇ ਹੱਕ ਵਿੱਚ ਰੋਸ ਵਿਖਾਵਾ ਕਰ ਰਹੇ ਸਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਵਾਹੀਯੋਗ ਜ਼ਮੀਨ ’ਤੇ ਡਾਕਾ ਮਾਰਨ ਦੀ ਨੀਅਤ ਨਾਲ ਲੈਂਡ ਪੂਲਿੰਗ ਨੀਤੀ ਤਿਆਰ ਕੀਤੀ ਗਈ ਹੈ, ਜਿਸ ਦਾ ਕਿਸਾਨ ਜਥੇਬੰਦੀ ਸਖਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੀਤੀ ਨਿੱਜੀ ਘਰਾਣਿਆਂ ਨੂੰ ਲਾਭ ਦੇਣ ਵਾਸਤੇ ਕੇਂਦਰ ਦੇ ਇਸ਼ਾਰਿਆਂ ’ਤੇ ਤਿਆਰ ਕੀਤੀ ਗਈ ਹੈ। ਉਨ੍ਹਾਂ ਸਰਕਾਰ ਵੱਲੋਂ ਨੀਤੀ ਵਿੱਚ ਕੀਤੇ ਗਏ ਬਦਲਾਅ ਨੂੰ ਵੀ ਰੱਦ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਹਾਈਵੇਅ ਮਾਰਗ ਵਿੱਚ ਆਉਣ ਵਾਲੀਆਂ ਜ਼ਮੀਨਾਂ ਨੂੰ ਸਰਕਾਰ ਬਿਨਾਂ ਮੁਆਵਜ਼ਾ ਦਿੱਤੇ ਜਬਰੀ ਐਕੁਆਇਰ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਕਿਸਾਨਾਂ ਕੋਲੋਂ ਲੈ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦਾ ਲਗਾਤਾਰ ਵਿਰੋਧ ਜਾਰੀ ਰਹੇਗਾ।