ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਸਤੰਬਰ
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਖ-ਵੱੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਇੱਕ ਹੋਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਸਤਿਕਾਰ ਕਮੇਟੀਆਂ ਤੇ ਉਸ ਨਾਲ ਸਬੰਧਤ ਕੁਝ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ ਲਾਇਆ ਹੋਇਆ ਹੈ।
ਦਲ ਖਾਲਸਾ ਅਤੇ ਅਕਾਲੀ ਦਲ ਮਾਨ ਦੇ ਸੱਦੇ ’ਤੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁੱਜੇ ਹੋਏ ਸਨ। ਇਨ੍ਹਾਂ ਵਿੱਚ ਅਕਾਲੀ ਦਲ ਡੈਮੋਕਰੈਟਿਕ, ਯੂਨਾਈਟਡ ਅਕਾਲੀ ਦਲ, ਅਖੰਡ ਕੀਰਤਨੀ ਜਥਾ, ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਹਰਿਆਣਾ ਕਮੇਟੀ ਵੱਲੋਂ ਭਾਈ ਬਲਜੀਤ ਸਿੰਘ ਦਾਦੂਵਾਲ, ਜਾਗੋ ਪਾਰਟੀ, ਅਕਾਲੀ ਦਲ ਦਿੱਲੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨੁਮਾਇੰਦੇ ਸ਼ਾਮਲ ਸਨ। ਇਸ ਦੌਰਾਨ ਹੋਈ ਮੀਟਿੰਗ ਵਿੱਚ ਕੁਝ ਮਤੇ ਵੀ ਪਾਸ ਕੀਤੇ ਗਏ ਹਨ।
ਦਲ ਖਾਲਸਾ ਦੇ ਕੰਵਰਪਾਲ ਸਿੰਘ ਅਤੇ ਅਕਾਲੀ ਦਲ ਮਾਨ ਦੇ ਇਮਾਨ ਸਿੰਘ ਮਾਨ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਸਮੂਹ ਸਿੱਖ ਜਥੇਬੰਦੀਆਂ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿੰਗ ਕਮੇਟੀ ਦੇ ਸਾਰੇ ਮੈਂਬਰਾਂ ਨੂੰ ‘ਦੋਸ਼ੀ’ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਭਲਕੇ 18 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਖਿਮਾ ਯਾਚਨਾ ਲਈ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਆ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਨੈਤਿਕ ਅਧਿਕਾਰ ’ਤੇ ਅਸਤੀਫੇ ਦੇ ਦੇਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਬਜਟ ਸਮਾਗਮ ਸਮੇਂ ਅੱਜ ਦੀ ਮੀਟਿੰਗ ਵਿਚ ਹਾਜ਼ਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਚਾਰੋਂ ਗੇਟਾਂ ਦੇ ਬਾਹਰ ਖੜ੍ਹੇ ਹੋਣਗੇ ਅਤੇ ਸਮਾਗਮ ਵਿਚ ਸ਼ਾਮਲ ਹੋਣ ਲਈ ਆਉਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਕੋਲੋਂ ਕੁਝ ਸਵਾਲਾਂ ਦੇ ਜਵਾਬ ਮੰਗੇ ਜਾਣਗੇ। ਟਾਸਕ ਫੋਰਸ ਵੱਲੋਂ ਕੀਤੀ ਗਈ ਕਾਰਵਾਈ ਦੀ ਨਿੰਦਾ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਸਮੇਤ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਅਤੇ ਇਨ੍ਹਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਈਸ਼ਰ ਸਿੰਘ ਵਲੋਂ ਪਾਵਨ ਸਰੂਪ ਮਾਮਲਿਆਂ ਦੀ ਕੀਤੀ ਗਈ ਜਾਂਚ ਦੀ 1000 ਪੰਨੇ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਅਤੇ ਇਸ ਦੀਆਂ ਮੂਲ ਕਾਪੀਆਂ ਸਿੱਖ ਜਥੇਬੰਦੀਆਂ ਨੂੰ ਦੇਣ ਦੀ ਮੰਗ ਕੀਤੀ ਹੈ। ਇਸੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ 22 ਸਤੰਬਰ ਨੂੰ ਲੌਂਗੋਵਾਲ ਸਥਿਤ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਬਾਹਰ ਧਰਨਾ ਸ਼ੁਰੂ ਕੀਤਾ ਜਾਵੇਗਾ। ਉਸ ਮੌਕੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੇ ਘਰਾਂ ਅੱਗੇ ਧਰਨੇ ਦੇਣ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਵੀ ਸਮਰਥਨ ਕੀਤਾ।
ਅੱਜ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ ਅੰਤ੍ਰਿੰਗ ਕਮੇਟੀ ਮੈਂਬਰ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਲਕੇ 18 ਸਤੰਬਰ ਨੂੰ ਸ੍ਰੀ ਅਕਾਲ ਤਖਤ ’ਤੇ ਪੇਸ਼ ਹੋਣਗੇ। ਉਹ ਮਈ 2016 ਵਿੱਚ ਅਗਨ ਭੇਟ ਹੋਏ ਪਾਵਨ ਸਰੂਪਾਂ ਤੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ’ਤੇ ਖਿਮਾ ਯਾਚਨਾ ਕਰਨਗੇ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਵੱਲੋਂ ਇਸ ਮਾਮਲੇ ਵਿਚ 2016 ਦੀ ਅੰਤ੍ਰਿਗ ਕਮੇਟੀ ਨੂੰ ਉਸ ਵੇਲੇ ਪਸ਼ਚਾਤਾਪ ਨਾ ਕਰਨ ਦੇ ਦੋਸ਼ ਹੇਠ 18 ਸਤੰਬਰ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਨੇ ਵੀ ਐਲਾਨ ਕੀਤਾ ਕਿ ਮੌਜੂਦਾ ਅੰਤ੍ਰਿਗ ਕਮੇਟੀ ਅਤੇ ਸਮੂਹ ਅਹੁਦੇਦਾਰ ਵੀ ਇਸੇ ਦਿਨ ਸ੍ਰੀ ਅਕਾਲ ਤਖਤ ’ਤੇ ਪੇਸ਼ ਹੋ ਕੇ ਇਸੇ ਮਾਮਲੇ ਵਿਚ ਖਿਮਾ ਯਾਚਨਾ ਕਰਨਗੇ। ਪਾਵਨ ਸਰੂਪਾਂ ਦੀ ਜਾਂਚ ਰਿਪੋਰਟ ਵਿਚ ਦੋਸ਼ੀ ਦੱਸੇ ਵਿਅਕਤੀਆਂ ਨੂੰ ਵੀ ਸ੍ਰੀ ਲੌਂਗੋਵਾਲ ਨੇ ਅਪੀਲ ਕੀਤੀ ਹੈ ਕਿ ਉਹ ਵੀ ਪੇਸ਼ ਹੋ ਕੇ ਹੋਈ ਗਲਤੀ ਵਾਸਤੇ ਖਿਮਾ ਯਾਚਨਾ ਕਰਨ। ਮਿਲੇ ਵੇਰਵਿਆ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਲੌਂਗੋਵਾਲ ਅੱਜ ਇਥੇ ਹੀ ਹਨ ਅਤੇ ਭਲਕੇ ਸ੍ਰੀ ਅਕਾਲ ਤਖਤ ਵਿਖੇ ਸਮੁੱਚੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਸਮੇਤ ਖਿਮਾ ਯਾਚਨਾ ਵਾਸਤੇ ਪੇਸ਼ ਹੋਣਗੇ। ਭਾਵੇਂ ਇਹ ਸਾਰੇ ਆਪਣੇ ਇਖਲਾਕੀ ਤੌਰ ’ਤੇ ਪੇਸ਼ ਹੋ ਰਹੇ ਹਨ ਪਰ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਤੋਂ ਇਨ੍ਹਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਧਾਰਮਿਕ ਸਜ਼ਾ ਲਾਈ ਜਾ ਸਕਦੀ ਹੈ ਜਦੋਂਕਿ 2016 ਵਾਲੀ ਅੰਤ੍ਰਿਗ ਕਮੇਟੀ ਖ਼ਿਲਾਫ਼ ਵੀ ਸਖਤ ਕਾਰਵਾਈ ਦੀ ਸੰਭਾਵਨਾ ਹੈ। ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਦੇ ਸਕਤਰੇਤ ਵਲੋੋਂ ਪਿਛਲੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੂੰ ਇਸ ਸਬੰਧੀ ਪੱਤਰ ਭੇਜੇ ਜਾ ਚੁੱਕੇ ਹਨ। ਭਲਕੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ ਵਿਚ ਹੋਰ ਸਿੱਖ ਮਾਮਲੇ ਵੀ ਵਿਚਾਰੇ ਜਾਣਗੇ।
ਸ਼੍ਰੋਮਣੀ ਕਮੇਟੀ ਨੂੰ ਇੱਕ-ਇੱਕ ਸਰੂਪ ਦਾ ਹਿਸਾਬ ਦੇਣਾ ਪਵੇਗਾ: ਮੰਡ
ਅੰਮ੍ਰਿਤਸਰ: ਸਤਿਕਾਰ ਕਮੇਟੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਨੇੜੇ ਲਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਿਚ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ ਹੈ। ਸਤਿਕਾਰ ਕਮੇਟੀ ਦੇ ਨੁਮਾਇੰਦੇ ਭਾਈ ਬਲਬੀਰ ਸਿੰਘ ਮੁਛਲ ਨੇ ਆਖਿਆ ਕਿ ਇਹ ਧਰਨਾ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਤਕ ਜਾਰੀ ਰਹੇਗਾ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਘੱਟ ਗਏ ਇੱਕ-ਇੱਕ ਸਰੂਪ ਦੇ ਬਾਰੇ ਮੁਕੰਮਲ ਜਾਣਕਾਰੀ ਦੇਵੇ। ਜਦੋਂ ਤਕ ਇਹ ਜਾਣਕਾਰੀ ਨਹੀਂ ਮਿਲਦੀ, ਸਿੱਖਾਂ ਵੱਲੋਂ ਮੋਰਚਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਲਾਏ ਇਸ ਮੋਰਚੇ ਦਾ ਸਮਰਥਨ ਕੀਤਾ।