ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਅਗਸਤ
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਅੱਜ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਦੇ ਸੱਦੇ ਨੂੰ ਸਮਰਥਨ ਦਿੱਤਾ ਹੈ। ਇਹ ਸੱਦਾ ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ ਹੈ। ਅੱਜ ਇਸ ਸਬੰਧ ਵਿਚ ਫੈਡਰੇਸ਼ਨ ਆਗੂ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦੀ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਨਾਲ ਮੀਟਿੰਗ ਵੀ ਹੋਈ। ਮੀਟਿੰਗ ਮਗਰੋਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਇਸ ਸੰਘਰਸ਼ ਦਾ ਹਿੱਸਾ ਬਣੇ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਚਾਰ ਪ੍ਰਮੁੱਖ ਮੁੱਦਿਆਂ ਨੂੰ ਲੈ ਕੇ ਰੱਖਿਆ ਗਿਆ ਹੈ, ਜਿਸ ਵਿਚ ਯੂਏਪੀਏ ਦੀ ਦੁਰਵਰਤੋਂ , 9 ਸਿੱਖਾਂ ਨੂੰ ਅਤਿਵਾਦੀ ਕਰਾਰ ਦੇਣਾ , ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਨਾ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿੱਲ ਸ਼ਾਮਲ ਹਨ। ਇਨ੍ਹਾਂ ਸਾਰੇ ਮੁੱਦਿਆਂ ਦੇ ਖ਼ਿਲਾਫ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਮੀਟਿੰਗ ਵਿਚ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ ਤੇ ਹੋਰ ਹਾਜ਼ਰ ਸਨ।