ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਮਈ
ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਜਬਰ ਉਤੇ ਸਬਰ ਦੀ ਜਿੱਤ ਦੀ ਗਵਾਹੀ ਦਿੰਦਾ ‘ਸਰਹਿੰਦ ਫ਼ਤਹਿ ਦਿਵਸ’ ਅੱਜ ਇਥੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਧਰਮ ਪ੍ਰਚਾਰ ਕਮੇਟੀ ਦੇ ਕੋਆਰਡੀਨੇਟਰ ਪ੍ਰੋ.ਹਰੀ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ੍ਰੀ ਗੁਰੂ ਹਰਕ੍ਰਿਸਿ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਯਾਦਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵਲੋਂ ਇਸ ਦਿਵਸ ਨੂੰ ਸਮਰਪਿਤ ਕਵੀਸ਼ਰੀ ਅਤੇ ਵਿਦਿਆਰਥਣਾਂ ਰਵਨੀਤ ਕੌਰ, ਸਿਮਰੋਜ਼ ਕੌਰ, ਗੁਰਕੀਰਤ ਕੌਰ ਵਲੋਂ ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੀ ਗੋਰਵਮਈ ਜੀਵਨ ਗਾਥਾ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਦੀਵਾਨ ਦੇ ਮੁੱਖ ਦਫ਼ਤਰ ਦੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਗਿਆ।
ਪਠਾਨਕੋਟ (ਪੱਤਰ ਪ੍ਰੇਰਕ): ਗੁਰਦੁਆਰਾ ਦਮਦਮਾ ਮੀਰਪੁਰ ਕਲੋਨੀ ਵਿੱਚ ਗੁਰਦੁਆਰਾ ਦੇ ਮੁੱਖ ਪ੍ਰਬੰਧਕ ਜੱਥੇਦਾਰ ਗੁਰਦੀਪ ਸਿੰਘ ਮੀਰਪੁਰੀ ਦੀ ਅਗਵਾਈ ਵਿੱਚ ਸੰਗਤਾਂ ਦੇ ਸਹਿਯੋਗ ਨਾਲ 312ਵੇਂ ਸਰਹੰਦ ਫ਼ਤਹਿ ਦਿਵਸ ’ਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਖੜਕ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਅਤੇ ਸਰਹੰਦ ਫ਼ਤਹਿ ਦਿਵਸ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਤਾਰ ਨਾਲ ਜਾਣੂ ਕਰਵਾਇਆ। ਇਸ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ਵਿੱਚ ਗੁਰੂ ਦਾ ਅਤੁੱਟ ਲੰਗਰ ਵਰਤਇਆ ਗਿਆ। ਇਸ ਮੌਕੇ ਗੁਰਸ਼ਰਨ ਸਿੰਘ, ਨਰਿੰਦਰ ਸਿੰਘ, ਦਰਸ਼ਨ ਸਿੰਘ, ਸੁਖਵੰਤ ਸਿੰਘ ਹਾਜ਼ਰ ਸਨ।