ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਦਸੰਬਰ
ਉਪ ਮੁੱਖ ਮੰਤਰੀ ਸ੍ਰੀ ਓਪੀ ਸੋਨੀ ਦੇ ਗ੍ਰਹਿ ਵਿੱਚ ਬੀਤੇ ਦਿਨ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਕੀਤੀ ਰੈਲੀ ਤੋਂ ਬਾਅਦ ਅੱਜ ਸਵੇਰੇ 11 ਵਜੇ ਨੈਸ਼ਨਲ ਹੈਲਥ ਮਿਸ਼ਨ ਦੀ ਕੋਰ ਕਮੇਟੀ ਮੈਂਬਰ ਡਾ. ਇੰਦਰਜੀਤ ਸਿੰਘ ਰਾਣਾ ਅਤੇ ਗੁਰਪ੍ਰੀਤ ਭੁੱਲਰ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰਾਂ ਨਾਲ ਉਪ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੀਟਿੰਗ ਦੀ ਅਗਵਾਈ ਕਰ ਰਹੇ ਮੈਂਬਰਾਂ ਨੇ ਉਪ ਮੁੱਖ ਮੰਤਰੀ ਨੂੰ ਪ੍ਰਸਤਾਵ ਦਿੱਤਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਜੋ ਬਿੱਲ ਬਣਾਇਆ ਗਿਆ ਹੈ, ਉਸ ਬਿੱਲ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਸ਼ਾਮਲ ਕਰਕੇ ਰੈਗੂਲਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇ ਸਰਕਾਰ ਚਾਹੇ ਤਾਂ ਹਰਿਆਣਾ ਸਰਕਾਰ ਦੀ ਤਰਜ਼ ’ਤੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਪੱਕੇ ਕਰਮਚਾਰੀਆਂ ਦੇ ਬਰਾਬਰ ਤਨਖ਼ਾਹ ਦੇ ਸਕਦੀ ਹੈ ਜਾਂ ਸੁਸਾਇਟੀ ਅਧੀਨ ਨਵੀਆਂ ਅਸਾਮੀਆਂ ਬਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਸਕਦਾ ਹੈ। ਸ੍ਰੀ ਸੋਨੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ਨੂੰ 14 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਠਾਉਣਗੇ। ਸ੍ਰੀ ਸੋਨੀ ਨੇੇ ਕੈਬਨਿਟ ਮੀਟਿੰਗ ਤੋਂ ਪਹਿਲਾਂ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿੱਚ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਦੀ ਕੋਰ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਤੈਅ ਕੀਤੀ ਹੈ।