Sri Goindwal Sahib ਨੇੜਲੇ ਗੁਰਦੁਆਰੇ ਵਿਚ ਗੋਲਕ ਤੋੜਨ ਵਾਲੇ ਦੀ ਪਛਾਣ ਹੋਈ
ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਬੂ; ਜੁੱਤੀਆਂ ਸਮੇਤ ਗੁਰਦੁਆਰੇ ਵਿਚ ਦਾਖ਼ਲ ਹੋਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ
ਪਿੰਡ ਭੋਈਆ ਵਿਚ ਗੁਰਦੁਆਰੇ ਦੀ ਗੋਲਕ ਤੋੜ ਕੇ ਪੈਸੇ ਚੋਰੀ ਕਰਨ ਅਤੇ ਗੁਰੂ ਘਰ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਭੋਈਆ ਦੇ ਸਰਪੰਚ ਗੁਰਦਿਆਲ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਅਜੀਤ ਸਿੰਘ, ਗੁਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਦੀ ਬਾਰੀ ਤੋੜ ਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ ਗਏ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਲੱਗੇ ਕੈਮਰਿਆਂ ਦੀ ਸਹਾਇਤਾ ਨਾਲ ਉਕਤ ਦੀ ਪਛਾਣ ਕਰ ਲਈ ਗਈ ਹੈ ਜਿਸ ਨੂੰ ਚੌਕੀ ਫਤਿਆਬਾਦ ਦੀ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀ ਗੁੱਸੇ ਵਿੱਚ ਨਜ਼ਰ ਆਏ ਜੋ ਚੋਰ ਖਿਲਾਫ਼ ਬੇਅਦਬੀ ਸਬੰਧੀ ਬਣੇ ਕਾਨੂੰਨ ਤਹਿਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਕਥਿਤ ਚੋਰੀ ਕਰਨ ਵਾਲੇ ਵੱਲੋਂ ਗੁਰੂ ਘਰ ਪਈ ਗੋਲਕ ਨੂੰ ਨਿਸ਼ਾਨਾ ਬਣਾਇਆ ਗਿਆ ਜਦਕਿ ਸੀਸੀਟੀਵੀ ਫੁਟੇਜ ਵਿਚ ਬੇਅਦਬੀ ਸਬੰਧੀ ਕੋਈ ਗੱਲ ਸਾਹਮਣੇ ਨਹੀ ਆਈ।
ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਲਿਆਂ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਨਾਮ ਸਿੰਘ ਪੁੱਤਰ ਮੇਜਰ ਸਿੰਘ ਭੋਈਆ ਵਜੋਂ ਹੋਈ ਹੈ ਜਿਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

