ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਪਰੈਲ
ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਕੁਲਵਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆ ਅਤੇ ਸਿਮਰਜੀਤ ਸਿੰਘ ਵਾਸੀ ਪਿੰਡ ਤਲਵੰਡੀ ਖੁੰਮਣ ਵਜੋਂ ਹੋਈ ਹੈ। ਡੀਐੱਸਪੀ ਅਰੁਣ ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਵੱਲੋਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁੱਛਗਿਛ ਲਈ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਸੇ ਤਰ੍ਹਾਂ ਸੀਆਈਏ ਸਟਾਫ ਦੀ ਪੁਲੀਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਕਨਟੋਨਮੈਂਟ ਵਿਚ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਔਰਤ ਦੀ ਸ਼ਨਾਖ਼ਤ ਮੀਨੂੰ ਵਾਸੀ ਪਿੰਡ ਮੱਲਾਂਵਾਲਾ ਵੱਜੋਂ ਹੋਈ ਹੈ। ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਏਐਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਦੀ ਗਸ਼ਤ ਟੀਮ ਵੱਲੋਂ ਮੀਰਾਂਕੋਟ ਚੌਕ ਨੇੜੇ ਇਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਇਸ ਦੌਰਾਨ ਥਾਣਾ ਛੇਹਰਟਾ ਦੀ ਪੁਲੀਸ ਨੇ ਬੱਬੂ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਹੈਰੋਇਨ ਸਣੇ ਕਾਬੂ
ਫਗਵਾੜਾ (ਪੱਤਰ ਪ੍ਰੇਰਕ): ਸੀਆਈਏ ਸਟਾਫ ਨੇ ਇੱਕ ਜਣੇ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਸੀਆਈਏ ਸਟਾਫ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਹੈਰੋਇਨ ਦੀ ਤਸਕਰੀ ਕਰਦਾ ਹੈ। ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਵਿਨੋਦ ਸੰਧੂ ਪੁੱਤਰ ਕਾਲਾ ਰਾਮ ਵਾਸੀ ਫਗਵਾੜਾ ਵਜੋਂ ਹੋਈ ਹੈ।