Stubble Burning: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਤਿੰਨ ਗੁਣਾ ਵਾਧਾ !
Stubble Burning :ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੇ ਅੰਕੜਿਆਂ ਅਨੁਸਾਰ, ਇਸ ਸੀਜ਼ਨ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਹੁਣ ਤੱਕ 353 ਤੱਕ ਪਹੁੰਚ ਗਈ ਹੈ, ਜਿਸ ਵਿੱਚ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚੋਂ ਸਭ ਤੋਂ ਵਧ ਮਾਮਲੇ ਸਾਹਮਣੇ ਆਏ ਹਨ।
ਪੀਪੀਸੀਬੀ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ 10 ਦਿਨਾਂ ਵਿੱਚ, ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਤਿੰਨ ਗੁਣਾ ਤੋਂ ਵੱਧ ਵਾਧਾ ਹੋਇਆ ਹੈ। 11 ਅਕਤੂਬਰ ਤੱਕ, ਅਜਿਹੇ 116 ਮਾਮਲੇ ਸਾਹਮਣੇ ਆਏ ਸਨ।
ਤਰਨਤਾਰਨ ਜ਼ਿਲ੍ਹੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਸਭ ਤੋਂ ਵੱਧ 125 ਮਾਮਲੇ ਸਾਹਮਣੇ ਆਏ ਹਨ, ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 112 ਮਾਮਲੇ ਸਾਹਮਣੇ ਆਏ ਹਨ ਕਿਉਂਕਿ ਬਹੁਤ ਸਾਰੇ ਕਿਸਾਨ ਸੂੂਬਾ ਸਰਕਾਰ ਦੀਆਂ ਅਪੀਲਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ ਜਾਰੀ ਰੱਖਦੇ ਹਨ।
ਅੰਕੜਿਆਂ ਅਨੁਸਾਰ, ਪੰਜਾਬ ਵਿੱਚ 15 ਸਤੰਬਰ ਤੋਂ 20 ਅਕਤੂਬਰ ਤੱਕ ਖੇਤਾਂ ਵਿੱਚ ਅੱਗ ਲੱਗਣ ਦੀਆਂ 353 ਘਟਨਾਵਾਂ ਸਾਹਮਣੇ ਆਈਆਂ ਸਨ। ਹੋਰ ਜ਼ਿਲ੍ਹਿਆਂ ਵਿੱਚੋਂ, ਫਿਰੋਜ਼ਪੁਰ ਵਿੱਚ 27, ਪਟਿਆਲਾ ਵਿੱਚ 23 ਅਤੇ ਸੰਗਰੂਰ ਵਿੱਚ ਅੱਠ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਅਕਸਰ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।
ਕਿਉਂਕਿ ਅਕਤੂਬਰ ਅਤੇ ਨਵੰਬਰ ਵਿੱਚ ਝੋਨੇ ਦੀ ਵਾਢੀ ਤੋਂ ਬਾਅਦ ਹਾੜੀ ਦੀ ਫਸਲ, ਕਣਕ, ਲਈ ਸਮਾਂ ਬਹੁਤ ਘੱਟ ਹੁੰਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨ ਅਗਲੀ ਫਸਲ ਬੀਜਣ ਲਈ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਲਈ ਆਪਣੇ ਖੇਤਾਂ ਨੂੰ ਅੱਗ ਲਗਾ ਦਿੰਦੇ ਹਨ।