DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਅਕਾਲ ਤਖ਼ਤ ਤੋਂ ਨਾ ਮਿਲੀ ਛੋਟ

ਅਕਾਲੀ ਦਲ ਦੇ ਮੰਗ ਪੱਤਰ ’ਤੇ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਹੀ ਹੋਵੇਗੀ ਵਿਚਾਰ: ਜਥੇਦਾਰ ਗਿਆਨੀ ਰਘਬੀਰ ਸਿੰਘ; ਕਿਹਾ: ‘ਤਨਖ਼ਾਹੀਏ ਦੀ ਇਕ ਹੀ ਪ੍ਰੀਭਾਸ਼ਾ ਹੁੰਦੀ ਹੈ’
  • fb
  • twitter
  • whatsapp
  • whatsapp
featured-img featured-img
ਸੁਖਬੀਰ ਸਿੰਘ ਬਾਦਲ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਅਕਤੂਬਰ

Advertisement

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ ਹੈ, ਜਿਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ।

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਇੱਥੇ ਇੱਕ ਸਥਾਨਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਉਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਇਹ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ।

‘ਕੀ ਕਿਸੇ ਤਨਖ਼ਾਹੀਏ ਨੂੰ ਛੋਟ ਦਿੱਤੀ ਜਾ ਸਕਦੀ ਹੈ?’ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਆਖਿਆ ਕਿ ਜਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਵਿਅਕਤੀ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਜਥੇਦਾਰਾਂ ਕੋਲੋਂ ਤਨਖ਼ਾਹ ਨਹੀਂ ਲਗਵਾ ਲੈਂਦਾ ਅਤੇ ਇਸ ਨੂੰ ਪੂਰੀ ਨਹੀਂ ਕਰ ਲੈਂਦਾ, ਉਹ ਤਨਖ਼ਾਹੀਆ  ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹੀਏ ਦੀ ਇੱਕ ਪਰਿਭਾਸ਼ਾ ਹੈ ਅਤੇ ਇਸ ਪਰਿਭਾਸ਼ਾ ਦੇ ਘੇਰੇ  ਵਿੱਚ ਰਹਿਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਉਨ੍ਹਾਂ ਨੂੰ ਮਿਲਣ ਲਈ ਆਇਆ ਸੀ। ਉਨ੍ਹਾਂ ਇੱਕ ਮੰਗ ਪੱਤਰ ਵੀ ਦਿੱਤਾ ਹੈ, ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਹਾਰਿਆ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਅਤੇ ਹੋਰ ਸਰਕਾਰਾਂ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਜਾਂ ਹੋਰ ਧਾਰਮਿਕ ਕਾਰਜਾਂ ਵਿੱਚ ਦਖਲਅੰਦਾਜ਼ੀ ਨਾ ਕਰਨ

ਬੀਤੀ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਦੋਸ਼ ਲਾਇਆ ਸੀ ਕਿ ‘ਆਪ’ ਸਰਕਾਰ ਦੇ ਵਿਧਾਇਕ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਫੋਨ ਰਾਹੀਂ ਆਖ ਰਹੇ ਹਨ ਕਿ 28 ਅਕਤੂਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਉਹ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਵੋਟ ਪਾਉਣ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਸੁਖਬੀਰ ਸਿੰਘ ਬਾਦਲ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰਨ ਅਤੇ  ਗਿੱਦੜਬਾਹਾ ਹਲਕੇ ਤੋਂ ਉਨ੍ਹਾਂ ਵੱਲੋਂ ਚੋਣ ਲੜਨ ਦੀ ਵੀ ਸੰਭਾਵਨਾ ਹੈ। ਇਸੇ  ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਸੀ। ਪਰ ਸ੍ਰੀ ਅਕਾਲ ਤਖਤ ਤੋਂ ਕੋਈ ਵੀ ਛੋਟ ਨਾ ਮਿਲਣ ਕਾਰਨ ਹੁਣ ਸੁਖਬੀਰ ਸਿੰਘ ਬਾਦਲ ਨਾ ਤਾਂ ਪਾਰਟੀ ਦੀ ਅਗਵਾਈ ਕਰ ਸਕਣਗੇ ਅਤੇ ਨਾ ਹੀ ਚੋਣ ਲੜ ਸਕਣਗੇ, ਕਿਉਂਕਿ ਇਸ ਸਬੰਧੀ ਨਾਮਜ਼ਦਗੀ ਪੱਤਰ ਭਰਨ ਵਾਸਤੇ ਕੁਝ ਹੀ ਦਿਨ ਬਾਕੀ ਹਨ।

Advertisement
×