Sukhbir Badal ਨੇ ‘ਆਪ’ ਸਰਕਾਰ ’ਤੇ ਨਿਸ਼ਾਨੇ ਸੇਧੇ
ਗੋਇੰਦਵਾਲ ਸਾਹਿਬ ਵਿੱਚ ਹਲਕਾ ਇੰਚਾਰਜ ਰਮਨਦੀਪ ਕੌਰ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਹੋਈ ਰੈਲੀ
Goindwal Sahib Rally: ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਥਾਪੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਪੰਜਾਬ ਬਚਾਓ ਰੈਲੀ ਕਰਵਾਈ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ।
ਸ੍ਰੀ ਬਾਦਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦਾ ਭਵਿੱਖ ਇੱਕੋ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਮਹਿਫੂਜ਼ ਹੈ। ਉਨ੍ਹਾਂ ਆਖਿਆ ਕਿ ਜੇਕਰ ਪੰਜਾਬ ਦਾ ਕੋਈ ਅਸਲੀ ਵਾਰਿਸ ਹੈ ਤਾਂ ਉਹ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੈ। ਸੁਖਬੀਰ ਬਾਦਲ ਨੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਆਖਿਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਥ ਵਿਰੋਧੀ ਸਰਕਾਰ ਸਾਬਤ ਹੋਈ ਹੈ ਜਿਸ ਨੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਸਾਡੀ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ।
ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾਂ ਸ਼ੇਰੋਂ ਵੱਲੋਂ ਮਾਨ ਸਰਕਾਰ ਨੂੰ ਪੰਜਾਬ ਦੀ ਸਭ ਤੋਂ ਵੱਧ ਭ੍ਰਿਸ਼ਟ ਸਰਕਾਰ ਆਖਦਿਆਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਹੋਕਾ ਦਿੱਤਾ।
ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੂੰ ਅਵਤਾਰ ਸਿੰਘ ਬਿੱਲਾਂ ਸ਼ੇਰੋਂ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਿਕੰਦਰ ਸਿੰਘ ਵਰਾਣਾ, ਤਜਿੰਦਰ ਸਿੰਘ ਪ੍ਰਿੰਸ, ਕੁਲਦੀਪ ਸਿੰਘ ਲਹੌਰੀਆ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਦਲਬੀਰ ਸਿੰਘ ਜਹਾਂਗੀਰ ਵੱਲੋਂ ਯਾਦਗਾਰੀ ਚਿੰਨ੍ਹ ਭੇਂਟ ਕਰਦਿਆ ਸਨਮਾਨਿਤ ਕੀਤਾ ਗਿਆ।

