Tarn Taran bypoll: ਭਾਜਪਾ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ
ਭਾਜਪਾ ਨੇ ਵੀਰਵਾਰ ਨੂੰ ਪੰਜਾਬ ਦੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਇਹ ਸੀਟ ਜੂਨ ਵਿੱਚ 'ਆਪ' ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਦੀਆਂ ਤਾਰੀਖ਼ਾਂ ਦਾ ਹਾਲੇ ਐਲਾਨ ਕੀਤਾ ਜਾਣਾ ਹੈ।
ਸੰਧੂ (40) ਤਰਨ ਤਾਰਨ ਦੀ ਭਾਜਪਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਹਨ। ਉਹ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਨ।
ਉਹ 2007 ਵਿੱਚ ਯੂਥ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ ਅਤੇ 2009 ਤੋਂ 2012 ਤੱਕ ਸਰਕਲ ਪ੍ਰਧਾਨ ਰਹੇ। ਉਹ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਵੀ ਰਹੇ ਸਨ।
ਭਾਜਪਾ ਦੇ ਐਲਾਨ ਦੇ ਨਾਲ ਹੀ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣਾਂ ਲਈ ਚੋਣ ਮੈਦਾਨ ਭਖ਼ ਗਿਆ ਹੈ। ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੇਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਹਾਲੇ ਤੱਕ ਹਾਕਮ ਆਮ ਆਦਮੀ ਪਾਰਟੀ ਤੇ ਮੁੱਖ ਵਿਰੋਧੀ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਗ਼ੌਰਤਲਬ ਹੈ ਕਿ ਇਹ ਸੀਟ ਬੀਤੇ ਜੂਨ ਮਹੀਨੇ ਖ਼ਾਲੀ ਹੋ ਗਈ ਸੀ, ਜਿੱਥੇ 6 ਮਹੀਨਿਆਂ ਵਿੱਚ ਚੋਣ ਕਰਵਾਈ ਜਾਣੀ ਹੈ। -ਪੀਟੀਆਈ ਇਨਪੁਟਸ ਸਮੇਤ